ਹਰਦੀਪ ਸਿੰਘ ਨਿੱਝਰ (ਖਾਲਿਸਤਾਨੀ ਸਮਰਥਕ) ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਧੇ ਕੂਟਨੀਤਕ ਤਣਾਅ ਦਰਮਿਆਨ ਅਮਰੀਕਾ ਨੇ ਦਖਲ ਕੀਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਕੈਨੇਡਾ ਦੇ ਦੋਸ਼ ਗੰਭੀਰ ਹਨ ਅਤੇ ਭਾਰਤ ਨੂੰ ਇਸ ਦੀ ਜਾਂਚ ਵਿਚ ਸਹਿਯੋਗ ਕਰਨ ਦੀ ਸਲਾਹ ਦਿੱਤੀ ਗਈ ਹੈ।
ਅਮਰੀਕਾ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਭਾਰਤ ਨੂੰ ਕੈਨੇਡਾ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਅਸੀਂ ਚਾਹੁੰਦੇ ਸੀ ਕਿ ਭਾਰਤ ਸਰਕਾਰ ਕੈਨੇਡਾ ਅਤੇ ਉਸ ਦੀ ਜਾਂਚ ਵਿੱਚ ਸਹਿਯੋਗ ਕਰੇ ਪਰ ਭਾਰਤ ਸਰਕਾਰ ਨੇ ਬਦਲਵਾਂ ਰਾਹ ਚੁਣਿਆ।
ਦੱਸ ਦੇਈਏ ਕਿ ਭਾਰਤ ਨੇ ਪਹਿਲਾਂ ਅਤੇ ਹੁਣ ਇੱਕ ਵਾਰ ਫਿਰ ਕੈਨੇਡਾ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਨਕਾਰ ਦਿੱਤਾ ਹੈ, ਭਾਰਤ ਨੇ ਹੁਣ 19 ਅਕਤੂਬਰ ਰਾਤ 12 ਤੋਂ ਪਹਿਲਾਂ 6 ਕੈਨੇਡੀਅਨ ਡਿਪਲੋਮੈਟਾਂ ਨੂੰ ਭਾਰਤ ਛੱਡਣ ਲਈ ਕਿਹਾ ਹੈ, ਜਿਸ ਤੋਂ ਬਾਅਦ ਮਾਮਲਾ ਉਲਝ ਗਿਆ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ ਅਤੇ ਕਿਹਾ ਹੈ ਕਿ ਉਨ੍ਹਾਂ ਦੀ ਧਰਤੀ 'ਤੇ ਕੈਨੇਡੀਅਨ ਨਾਗਰਿਕਾਂ ਨੂੰ ਧਮਕੀਆਂ ਦੇਣ ਜਾਂ ਮਾਰਨ ਵਰਗੇ ਅਪਰਾਧਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਨੂੰ ਨਕਾਰਦਿਆਂ ਸਪੱਸ਼ਟ ਕਿਹਾ ਕਿ ਟਰੂਡੋ ਵੋਟ ਬੈਂਕ ਦੀ ਰਾਜਨੀਤੀ ਲਈ ਅਜਿਹਾ ਕਰ ਰਹੇ ਹਨ। ਕੈਨੇਡਾ ਦੇ ਇਨ੍ਹਾਂ ਦੋਸ਼ਾਂ ਤੋਂ ਬਾਅਦ ਭਾਰਤ ਨੇ ਆਪਣੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੂੰ ਵੀ ਵਾਪਸ ਬੁਲਾ ਲਿਆ ਹੈ। ਭਾਰਤ ਨੇ ਸਪੱਸ਼ਟ ਕੀਤਾ ਕਿ ਉਹ ਹੁਣ ਕੈਨੇਡਾ ਦੀ ਮੌਜੂਦਾ ਸਰਕਾਰ 'ਤੇ ਭਰੋਸਾ ਨਹੀਂ ਕਰਦੇ।
ਅਮਰੀਕਾ ਪਹਿਲਾਂ ਵੀ ਦੇ ਚੁੱਕੈ ਦਖਲ
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਮਰੀਕਾ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ 'ਤੇ ਟਿੱਪਣੀ ਕੀਤੀ ਹੈ। ਪਿਛਲੇ ਸਾਲ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ 'ਚ ਨਿੱਝਰ ਦੇ ਕਤਲ 'ਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਗਾਇਆ ਸੀ ਤਾਂ ਅਮਰੀਕਾ ਨੇ ਭਾਰਤ ਦੀ ਪ੍ਰਤੀਕਿਰਿਆ 'ਤੇ ਚਿੰਤਾ ਪ੍ਰਗਟਾਈ ਸੀ। ਉਸ ਸਮੇਂ ਭਾਰਤ ਨੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਵਾਪਸ ਜਾਣ ਲਈ ਕਿਹਾ ਸੀ। ਉਦੋਂ ਵੀ ਮੈਥਿਊ ਮਿਲਰ ਨੇ ਕਿਹਾ ਸੀ ਕਿ ਅਮਰੀਕਾ ਦਾ ਮੰਨਣਾ ਹੈ ਕਿ ਭਾਰਤ ਨੂੰ ਕੈਨੇਡਾ ਦੀ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।
ਕੀ ਹੈ ਪੂਰਾ ਮਾਮਲਾ?
ਕੈਨੇਡਾ ਅਤੇ ਭਾਰਤ ਦੇ ਕੂਟਨੀਤਕ ਸਬੰਧਾਂ ਵਿੱਚ ਦਰਾੜ ਦਾ ਮੁੱਖ ਕਾਰਨ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਜੁੜਿਆ ਹੋਇਆ ਹੈ। ਭਾਰਤੀ ਮੂਲ ਦਾ ਨਿੱਝਰ ਭਾਵੇ ਕੈਨੇਡਾ ਰਹਿ ਰਿਹਾ ਸੀ ਬਾਵਜੂਦ ਭਾਰਤ ਨੇ ਉਸ ਨੂੰ ਅੱਤਵਾਦੀ ਐਲਾਨਿਆ ਹੋਇਆ ਸੀ। ਪਿਛਲੇ ਸਾਲ 18 ਜੂਨ 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਇਕ ਗੁਰਦੁਆਰੇ ਨੇੜੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਫਿਰ 18 ਸਤੰਬਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਭਾਰਤ ਨੇ ਕੈਨੇਡਾ ਦੇ ਇਨ੍ਹਾਂ ਦਾਅਵਿਆਂ ਨੂੰ ਹਮੇਸ਼ਾ ਬੇਬੁਨਿਆਦ ਦੱਸਦਿਆਂ ਨਕਾਰਿਆ ਹੈ।