ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਲੜਨ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਸੀ ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ।
ਅਦਾਲਤ ਨੇ ਕਿਹਾ ਹੈ ਕਿ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਨੂੰ ਸੰਭਾਲਣਗੇ ਤੇ ਅੰਮ੍ਰਿਤਪਾਲ ਜੇਲ ਵਿਚੋਂ ਆਪਣੀ ਨਾਮਜ਼ਦਗੀ ਭਰਨਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।
ਨਾਮਜ਼ਦਗੀਆਂ 14 ਮਈ ਤੱਕ ਭਰੀਆਂ ਜਾਣਗੀਆਂ
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ 7 ਮਈ ਤੋਂ ਸ਼ੁਰੂ ਹੋ ਗਈ ਹੈ। ਉਮੀਦਵਾਰ 14 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ।
ਇਨ੍ਹਾਂ ਉਮੀਦਵਾਰਾਂ ਵਿਚਕਾਰ ਮੁਕਾਬਲਾ
ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜੀਰਾ, ਆਮ ਆਦਮੀ ਪਾਰਟੀ (ਆਪ) ਦੇ ਲਾਲਜੀਤ ਸਿੰਘ ਭੁੱਲਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮਨਜੀਤ ਸਿੰਘ ਮੰਨਾ ਮੀਆਂਵਿੰਡ, ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਚੋਣ ਲੜ ਰਹੇ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਵੋਟਾਂ ਪੈਣਗੀਆਂ।
ਐਨਐਸਏ ਤਹਿਤ ਜੇਲ੍ਹ ਵਿੱਚ ਹੈ ਬੰਦ
ਦੱਸ ਦੇਈਏ ਕਿ ਅੰਮ੍ਰਿਤਪਾਲ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨੀ ਹੈ। ਉਨ੍ਹਾਂ ਨੇ ਹਾਈ ਕੋਰਟ ਤੋਂ ਚੋਣਾਂ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਲਈ ਆਰਜ਼ੀ ਰਿਹਾਈ ਦੀ ਮੰਗ ਕੀਤੀ ਸੀ। ਉਹ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਕਾਰਨ ਆਸਾਮ ਦੀ ਜੇਲ 'ਚ ਬੰਦ ਹੈ। ਅੰਮ੍ਰਿਤਪਾਲ ਸਿੰਘ ਨੂੰ ਸਾਲ 2023 ਵਿੱਚ ਐਨਐਸਏ ਐਕਟ 1980 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।