ਅੰਮ੍ਰਿਤਸਰ 'ਚ ਅੱਜ ਲੋਕ ਸਭਾ ਸੀਟਾਂ ਨੂੰ ਲੈ ਕੇ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਨਾਲ ਕਾਂਗਰਸੀ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਸੱਤਾਧਾਰੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਵੀ ਮੌਜੂਦ ਸਨ। ਇਸ ਦੌਰਾਨ ਓ ਪੀ ਸੋਨੀ ਅਤੇ ਗੁਰਜੀਤ ਸਿੰਘ ਔਜਲਾ ਦੇ ਸਮਰਥਕ ਆਪਸ ਵਿੱਚ ਭਿੜ ਗਏ, ਜਿਸ ਕਾਰਨ ਮੀਟਿੰਗ ਵਿੱਚ ਕਾਫੀ ਹੰਗਾਮਾ ਹੋਇਆ।
ਲੋਕ ਸਭਾ ਚੋਣਾਂ ਨੂੰ ਲੈ ਕੇ ਹੋਈ ਚਰਚਾ
ਮੀਡੀਆ ਰਿਪੋਰਟਾਂ ਮੁਤਾਬਕ ਮੀਟਿੰਗ ਦੌਰਾਨ ਲੋਕ ਸਭਾ ਚੋਣਾਂ 'ਤੇ ਚਰਚਾ ਕੀਤੀ ਗਈ। ਅੰਮ੍ਰਿਤਸਰ ਤੋਂ ਲੋਕ ਸਭਾ ਸੀਟ ਨੂੰ ਲੈ ਕੇ ਜਦੋਂ ਚਰਚਾ ਸ਼ੁਰੂ ਹੋਈ ਤਾਂ ਓ ਪੀ ਸੋਨੀ ਅਤੇ ਗੁਰਜੀਤ ਸਿੰਘ ਔਜਲਾ ਦੇ ਸਮਰਥਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕੁਝ ਦੇਰ ਵਿਚ ਹੀ ਦੋਵਾਂ ਆਗੂਆਂ ਦੇ ਸਮਰਥਕਾਂ ਵਿਚ ਗਰਮਾ-ਗਰਮ ਬਹਿਸ ਸ਼ੁਰੂ ਹੋ ਗਈ।
ਸਿੱਧੂ ਨੇ ਮੀਟਿੰਗ ਤੋਂ ਦੂਰੀ ਬਣਾਈ
ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੀ ਇਸ ਮੀਟਿੰਗ ਤੋਂ ਦੂਰੀ ਬਣਾਈ ਰੱਖੀ। ਇਸ ਮੀਟਿੰਗ ਵਿੱਚ ਜਿੱਥੇ ਪੰਜਾਬ ਕਾਂਗਰਸ ਦੇ ਸਾਰੇ ਵੱਡੇ ਆਗੂ ਮੌਜੂਦ ਸਨ, ਉੱਥੇ ਹੀ ਸਿੱਧੂ ਗਾਇਬ ਰਹੇ। ਸਿੱਧੂ ਨੇ ਕੱਲ੍ਹ ਹੀ ਰਾਜਾ ਵੜਿੰਗ ਦਾ ਨਾਂ ਲਏ ਬਿਨਾਂ ਨਿਸ਼ਾਨਾ ਸਾਧਿਆ ਸੀ।