ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਿੰਦੂ ਚਿੰਨ੍ਹ ਸਵਾਸਤਿਕ ਨੂੰ ਨਫ਼ਰਤ ਭਰਿਆ ਦੱਸਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ ਕਿ ਜਦੋਂ ਅਸੀਂ ਨਫ਼ਰਤ ਭਰੀ ਭਾਸ਼ਾ ਦੇਖਦੇ ਜਾਂ ਸੁਣਦੇ ਹਾਂ ਤਾਂ ਸਾਨੂੰ ਇਸ ਦੀ ਨਿੰਦਾ ਕਰਨੀ ਚਾਹੀਦੀ ਹੈ। ਪਾਰਲੀਮੈਂਟ ਹਿੱਲ 'ਤੇ ਕਿਸੇ ਵੀ ਵਿਅਕਤੀ ਦੁਆਰਾ ਸਵਾਸਤਿਕ ਦਾ ਪ੍ਰਦਰਸ਼ਨ ਅਸਵੀਕਾਰਨਯੋਗ ਹੈ।
ਟਰੂਡੋ ਨੇ ਲਿਖਿਆ ਕਿ ਕੈਨੇਡੀਅਨਾਂ ਨੂੰ ਸ਼ਾਂਤੀਪੂਰਵਕ ਇਕੱਠੇ ਹੋਣ ਦਾ ਅਧਿਕਾਰ ਹੈ ਪਰ ਅਸੀਂ ਯਹੂਦੀ ਵਿਰੋਧੀ, ਇਸਲਾਮੋਫੋਬੀਆ ਜਾਂ ਕਿਸੇ ਵੀ ਤਰ੍ਹਾਂ ਦੀ ਨਫ਼ਰਤ ਨੂੰ ਬਰਦਾਸ਼ਤ ਨਹੀਂ ਕਰ ਸਕਦੇ।
ਨਿੱਝਰ ਦੇ ਕਤਲ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੈ
ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਇਨ੍ਹਾਂ ਨੂੰ ਬੇਤੁਕਾ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ
ਇਸ ਦੇ ਨਾਲ ਹੀ ਦੋਵਾਂ ਦੇਸ਼ਾਂ ਨੇ ਇੱਕ ਦੂਜੇ ਦੇ ਚੋਟੀ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਵੀ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ।
ਭਾਰਤ ਦੇ ਐਕਸ਼ਨ 'ਚ ਆਉਂਦੇ ਹੀ ਜਸਟਿਨ ਟਰੂਡੋ ਦੇ ਬਦਲੇ ਸੁਰ
ਭਾਰਤ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਤੋਂ ਬਾਅਦ ਜਸਟਿਨ ਟਰੂਡੋ ਦਾ ਸੁਰ ਵੀ ਬਦਲ ਗਿਆ ਹੈ। ਭਾਰਤ ਵੱਲੋਂ ਦਿਖਾਈ ਗਈ ਸਖ਼ਤੀ ਤੋਂ ਬਾਅਦ ਕੈਨੇਡੀਅਨ ਕਾਰੋਬਾਰਾਂ 'ਤੇ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਕਈ ਭਾਰਤੀ ਕੰਪਨੀਆਂ ਨੇ ਆਪਣੇ ਹੱਥ ਪਿਛਾਂਹ ਖਿੱਚਣੇ ਸ਼ੁਰੂ ਕਰ ਦਿੱਤੇ ਹਨ।