ਪੰਜਾਬ-ਹਰਿਆਣਾ ਸਰਹੱਦ 'ਤੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਇੱਥੇ ਇੱਕ ਸੜਕ ਹਾਦਸੇ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 48 ਸਾਲਾ ਚਰਨਜੀਤ ਸਿੰਘ ਕਾਲਾ ਵਜੋਂ ਹੋਈ ਹੈ, ਜੋ ਕਿ ਸਰਦਾਰ ਮੋਹਰ ਸਿੰਘ ਦਾ ਪੁੱਤਰ ਸੀ। ਮ੍ਰਿਤਕ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਦੇ ਪਿੰਡ ਬਡਵਾਲਾ ਦਾ ਵਸਨੀਕ ਸੀ।
ਇਲਾਜ ਦੌਰਾਨ ਹੋਈ ਮੌਤ
ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਗੁਰਦੇ ਦੀ ਬਿਮਾਰੀ ਦੀ ਦਵਾਈ ਲੈਣ ਲਈ ਖਨੌਰੀ ਮੋਰਚਾ ਤੋਂ ਪੀਜੀਆਈ ਚੰਡੀਗੜ੍ਹ ਆ ਰਿਹਾ ਸੀ, ਪਰ ਰਸਤੇ 'ਚ ਇੱਕ ਅਵਾਰਾ ਜਾਨਵਰ ਆਉਣ ਕਾਰਨ ਇਹ ਹਾਦਸਾ ਵਾਪਰਿਆ। ਜਿਸ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਮੌਕੇ 'ਤੇ ਪਹੁੰਚੀ ਅਤੇ ਉਸਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।