ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪੇਸ਼ੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਿ ਹਿੰਦੂ ਅਖਬਾਰ ਦੀ ਖਬਰ ਮੁਤਾਬਕ ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਨੇ ਸੰਭਾਵਨਾ ਜਤਾਈ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਕੇਜਰੀਵਾਲ ਨੇ ਕਿਹਾ ਹੈ ਕਿ ਮਾਮਲੇ 'ਚ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਵੇਗਾ ਅਤੇ ਜੋ ਵੀ ਕਾਨੂੰਨ ਮੁਤਾਬਕ ਹੋਵੇਗਾ, ਉਹ ਕੀਤਾ ਜਾਵੇਗਾ।
ਹਾਲਾਂਕਿ, ਸੰਮਨ ਅਤੇ ਪੇਸ਼ੀ ਨੂੰ ਲੈ ਕੇ 'ਆਪ' ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਕੇਜਰੀਵਾਲ 18 ਜਨਵਰੀ ਨੂੰ ਦੁਪਹਿਰ 12:00 ਵਜੇ ਦਿੱਲੀ ਵਿੱਚ ਸਿੱਖਿਆ ਵਿਭਾਗ ਦੇ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਇਸ ਤੋਂ ਤੁਰੰਤ ਬਾਅਦ ਉਹ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਭਗਵੰਤ ਮਾਨ ਨਾਲ ਗੋਆ ਰਵਾਨਾ ਹੋਣਗੇ। ਕੇਜਰੀਵਾਲ ਅਤੇ ਭਗਵੰਤ ਮਾਨ ਤਿੰਨ ਦਿਨ ਗੋਆ 'ਚ ਰਹਿਣਗੇ।
ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਨੇ ਕੇਜਰੀਵਾਲ ਨੂੰ ਚਾਰ ਸੰਮਨ ਭੇਜੇ ਹਨ। ਪਹਿਲਾ ਸੰਮਨ ਪਿਛਲੇ ਸਾਲ 2 ਨਵੰਬਰ ਨੂੰ, ਦੂਜਾ 21 ਦਸੰਬਰ ਅਤੇ ਫਿਰ 3 ਜਨਵਰੀ ਨੂੰ ਭੇਜਿਆ ਗਿਆ ਸੀ। ਹੁਣ ਉਨ੍ਹਾਂ ਨੂੰ 18 ਜਨਵਰੀ ਨੂੰ ਬੁਲਾਇਆ ਗਿਆ ਸੀ। ਹੁਣ ਤੱਕ ਇਸ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਸੰਚਾਰ ਇੰਚਾਰਜ ਵਿਜੇ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਅਫਵਾਹਾਂ ਫੈਲੀਆਂ। ‘ਆਪ’ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਝੂਠੇ ਦੋਸ਼ ਲਾ ਕੇ ਉਸ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ।
ਕੇਜਰੀਵਾਲ ਨੇ ਆਪਣੀ ਪਾਰਟੀ ਦੀ ਕੌਮੀ ਕਾਰਜਕਾਰਨੀ ਅਤੇ 12ਵੀਂ ਕੌਮੀ ਕੌਂਸਲ ਦੀ ਮੀਟਿੰਗ ਵਿੱਚ ਬਿਆਨ ਦਿੱਤਾ ਸੀ ਕਿ ਜਨਤਾ ਦੀ ਭਲਾਈ ਲਈ ਉਨ੍ਹਾਂ ਨੂੰ ਜੇਲ੍ਹ ਜਾਣਾ ਪਵੇਗਾ। ਉਨ੍ਹਾਂ ਕਿਹਾ ਸੀ ਕਿ ਜੇਕਰ ਤੁਸੀਂ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਅਤੇ ਗਰੀਬਾਂ ਦਾ ਮੁਫਤ ਇਲਾਜ ਕਰਨ ਦੀ ਗੱਲ ਕਰਦੇ ਹੋ ਤਾਂ ਤੁਹਾਨੂੰ ਜੇਲ੍ਹ ਜਾਣਾ ਪਵੇਗਾ ਅਤੇ ਸਾਨੂੰ ਇਸ ਲਈ ਤਿਆਰ ਰਹਿਣਾ ਪਵੇਗਾ।