ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਹਰਿਆਣਾ ਦੇ ਹਿਸਾਰ ਤੋਂ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਨੇ ਭਾਜਪਾ ਪਾਰਟੀ ਛੱਡ ਦਿੱਤੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਖੁਦ ਐਕਸ 'ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ।
ਐਕਸ 'ਤੇ ਦਿੱਤੀ ਗਈ ਅਸਤੀਫੇ ਦੀ ਜਾਣਕਾਰੀ
ਬ੍ਰਿਜੇਂਦਰ ਸਿੰਘ ਨੇ ਐਕਸ 'ਤੇ ਲਿਖਿਆ ਕਿ ਮੈਂ ਸਿਆਸੀ ਅੜਚਨਾਂ ਕਾਰਨ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਮੈਂ ਹਿਸਾਰ ਤੋਂ ਸੰਸਦ ਮੈਂਬਰ ਵਜੋਂ ਸੇਵਾ ਕਰਨ ਦਾ ਮੌਕਾ ਦੇਣ ਲਈ ਪਾਰਟੀ ਪ੍ਰਧਾਨ ਜੇਪੀ ਨੱਡਾ, ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ।
ਕਾਂਗਰਸ ਵਿੱਚ ਸ਼ਾਮਲ ਹੋਣਗੇ
ਬ੍ਰਿਜੇਂਦਰ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ। ਇਸ ਦੇ ਲਈ ਉਹ ਦਿੱਲੀ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਘਰ ਪਹੁੰਚੇ ਹਨ। ਜਿੱਥੇ ਦੋਵਾਂ ਨੇਤਾਵਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਜਲਦ ਹੀ ਕਾਂਗਰਸ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰ ਸਕਦੀ ਹੈ।
2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ਾਮਲ ਹੋਏ
ਤੁਹਾਨੂੰ ਦੱਸ ਦੇਈਏ ਕਿ ਬ੍ਰਿਜੇਂਦਰ ਸਿੰਘ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਇੱਕ ਆਈਏਐਸ ਅਧਿਕਾਰੀ ਸਨ। ਉਨ੍ਹਾਂ ਦੇ ਪਿਤਾ ਚੌਧਰੀ ਬੀਰੇਂਦਰ ਸਿੰਘ ਭਾਜਪਾ ਦੇ ਸੀਨੀਅਰ ਨੇਤਾ ਹਨ ਅਤੇ ਮੋਦੀ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਬ੍ਰਿਜੇਂਦਰ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਲ ਹੋਏ ਸਨ। ਜਿਸ ਵਿੱਚ ਉਹ ਜਿੱਤ ਕੇ ਐਮ.ਪੀ. ਬਣੇ ਸੀ, ਪਰ ਹਾਲ ਹੀ 'ਚ ਉਹ ਪਾਰਟੀ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ ਅਤੇ ਹੁਣ ਉਨ੍ਹਾਂ ਅਸਤੀਫਾ ਦੇ ਦਿੱਤਾ ਹੈ।