ਡੇਰਾਮੁਖੀ ਬਾਬਾ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਬਰਗਾੜੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਦਿੱਤੀ ਹੈ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਚਾਰ ਹਫ਼ਤਿਆਂ 'ਚ ਜਵਾਬ ਮੰਗਿਆ ਹੈ।
ਹਾਈਕੋਰਟ ਨੇ ਲਗਾਈ ਸੀ ਰੋਕ
ਮਾਰਚ 2023 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ 'ਚ 3 ਮਾਮਲਿਆਂ ਦੀ ਜਾਂਚ 'ਤੇ ਰੋਕ ਲਗਾ ਦਿੱਤੀ ਸੀ। ਹਾਲਾਂਕਿ ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ। ਇਸ ਫੈਸਲੇ ਨਾਲ ਰਾਮ ਰਹੀਮ ਖਿਲਾਫ ਕੇਸ ਦੀ ਸੁਣਵਾਈ ਦੀ ਪ੍ਰਕਿਰਿਆ ਮੁੜ ਸ਼ੁਰੂ ਹੋ ਜਾਵੇਗੀ, ਜਿਸ ਨਾਲ ਉਸ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਧਾਰਮਿਕ ਭਾਵਨਾਵਾਂ ਅਤੇ ਇਨਸਾਫ਼ ਦੀ ਹੈ ਲੋੜ
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ 'ਚ ਦਲੀਲ ਦਿੱਤੀ ਕਿ ਇਸ ਸੰਵੇਦਨਸ਼ੀਲ ਮਾਮਲੇ 'ਚ ਇਨਸਾਫ਼ ਜ਼ਰੂਰੀ ਹੈ, ਕਿਉਂਕਿ ਇਹ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਸਰਕਾਰ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਜਾਂਚ ’ਤੇ ਰੋਕ ਲਾਉਣ ਨਾਲ ਕੇਸ ਦੀ ਸੁਣਵਾਈ ’ਚ ਰੁਕਾਵਟ ਆ ਰਹੀ ਹੈ, ਜਿਸ ਕਾਰਨ ਨਿਆਂ ਪ੍ਰਕਿਰਿਆ ’ਚ ਦੇਰੀ ਹੋ ਰਹੀ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀਆਂ ਦਲੀਲਾਂ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਦਾ ਸਟੇਅ ਹਟਾ ਦਿੱਤਾ ਹੈ।