ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੈਰੋਲ ਮਿਲਣ ਮਗਰੋਂ ਅੱਜ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ। ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਹੈ।
3 ਘੰਟਿਆਂ ਦੀ ਪੈਰੋਲ, ਭਰਾ ਦੇ ਭੋਗ ਵਿੱਚ ਹੋਏ ਸ਼ਾਮਲ
ਦਰਅਸਲ ਰਾਜੋਆਣਾ ਨੇ ਹਾਈ ਕੋਰਟ ਵਿੱਚ ਪੈਰੋਲ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਉਸ ਨੇ ਦੱਸਿਆ ਕਿ ਉਹ ਆਪਣੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ। ਉਸ ਦੀ ਪਟੀਸ਼ਨ ਹਾਈ ਕੋਰਟ ਨੇ ਸਵੀਕਾਰ ਕਰ ਲਈ ਅਤੇ ਉਸ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਮਿਲ ਗਈ।
ਭਰਾ ਦੀ ਕੈਨੇਡਾ ਵਿਚ ਹੋਈ ਸੀ ਮੌਤ
ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਕੈਨੇਡਾ ਵਿੱਚ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹੁਣ ਉਨ੍ਹਾਂ ਦਾ ਭੋਗ ਉਨ੍ਹਾਂ ਦੇ ਪਿੰਡ ਵਿੱਚ ਰੱਖਿਆ ਗਿਆ ਹੈ। ਇਹ ਸਮਾਗਮ ਲੁਧਿਆਣਾ ਨੇੜੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਰਾਜੋਆਣਾ ਕਲਾਂ ਵਿੱਚ ਹੋਵੇਗਾ। ਇਸ ਲਈ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਇਸ ਦੌਰਾਨ ਉਹ ਸਖ਼ਤ ਸੁਰੱਖਿਆ ਹੇਠ ਜਾਣਗੇ। ਇਸ ਤੋਂ ਬਾਅਦ ਉਹ ਵਾਪਸ ਪਟਿਆਲਾ ਜੇਲ੍ਹ ਜਾਣਗੇ।
ਪਹਿਲਾਂ ਵੀ ਮਿਲ ਚੁੱਕੀ ਪੈਰੋਲ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਰਾਜੋਆਣਾ ਪੈਰੋਲ 'ਤੇ ਬਾਹਰ ਆ ਚੁੱਕੇ ਹਨ। ਸਾਲ 2021 ਵਿੱਚ ਵੀ, ਜਦੋਂ ਉਸ ਦੇ ਪਿਤਾ ਦਾ ਭੋਗ ਸੀ, ਰਾਜੋਆਣਾ ਨੇ ਅਪੀਲ ਦਾਇਰ ਕਰ ਕੇ ਪੈਰੋਲ ਦੀ ਮੰਗ ਕੀਤੀ ਸੀ। ਫਿਰ ਅਦਾਲਤ ਨੇ ਉਸ ਨੂੰ ਇਕ ਘੰਟੇ ਦੀ ਪੈਰੋਲ ਦਿੱਤੀ। ਇਸ ਤੋਂ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ।
28 ਸਾਲਾਂ ਤੋਂ ਜੇਲ੍ਹ ਵਿਚ ਬੰਦ
ਰਾਜੋਆਨਾ ਨੇ ਫਾਂਸੀ ਦੀ ਸਜ਼ਾ ਮੁਆਫ਼ ਕਰਨ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਦਿੱਤੀ ਹੋਈ ਹੈ। ਜਿਸ 'ਤੇ ਸੁਪਰੀਮ ਕੋਰਟ ਨੇ ਰਹਿਮ ਦੀ ਇਹ ਪਟੀਸ਼ਨ ਰਾਸ਼ਟਰਪਤੀ ਨੂੰ ਭੇਜ ਦਿੱਤੀ ਹੈ। ਅਦਾਲਤ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਸ਼ਟਰਪਤੀ ਅੱਗੇ ਰੱਖਣ ਦੇ ਹੁਕਮ ਦਿੱਤੇ ਹਨ। ਨਾਲ ਹੀ ਉਨ੍ਹਾਂ ਨੂੰ ਬੇਨਤੀ ਹੈ ਕਿ ਉਹ ਦੋ ਹਫ਼ਤਿਆਂ ਦੇ ਅੰਦਰ ਇਸ ਬਾਰੇ ਫ਼ੈਸਲਾ ਲੈਣ। ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਬਲਵੰਤ ਸਿੰਘ ਰਾਜੋਆਣਾ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ।