ਦਿੱਲੀ ਸਰਕਾਰ ਨੇ ਇਕ ਵਾਰ ਫਿਰ ਦੀਵਾਲੀ 'ਤੇ ਪਟਾਕਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਜਾਣਕਾਰੀ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦਿੱਤੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ 1 ਜਨਵਰੀ 2025 ਤੱਕ ਪਟਾਕਿਆਂ ਦੀ ਆਨਲਾਈਨ ਵਿਕਰੀ ਅਤੇ ਡਿਲੀਵਰੀ 'ਤੇ ਵੀ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਟਾਕਿਆਂ ਦੇ ਨਿਰਮਾਣ, ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ।
ਗੋਪਾਲ ਰਾਏ ਨੇ ਮਿਲ ਕੇ ਕੰਮ ਕਰਨ ਦਾ ਦਿੱਤਾ ਹੁਕਮ
ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਮੰਤਰੀ ਗੋਪਾਲ ਰਾਏ ਨੇ ਦਿੱਲੀ ਪੁਲਸ, ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਅਤੇ ਮਾਲ ਵਿਭਾਗ ਨੂੰ ਮਿਲ ਕੇ ਕੰਮ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ, ਇਸ ਸਬੰਧ ਵਿੱਚ ਸਰਕਾਰ ਦੁਆਰਾ ਵਿਸਤ੍ਰਿਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ।
ਦਿੱਲੀ ਵਾਸੀਆਂ ਨੂੰ ਪਟਾਕੇ ਨਾ ਚਲਾਉਣ ਦੀ ਅਪੀਲ
ਗੋਪਾਲ ਰਾਏ ਨੇ ਅੱਗੇ ਕਿਹਾ, "ਅਸੀਂ ਸਾਰੇ ਦਿੱਲੀ ਵਾਸੀਆਂ ਨੂੰ ਪਟਾਕੇ ਚਲਾਉਣ ਦੀ ਬਜਾਏ ਦੀਵੇ ਜਗਾ ਕੇ ਅਤੇ ਮਠਿਆਈਆਂ ਵੰਡ ਕੇ ਤਿਉਹਾਰ ਮਨਾਉਣ ਦੀ ਅਪੀਲ ਕਰਦੇ ਹਾਂ। ਅਸੀਂ ਮਿਲ ਕੇ ਪ੍ਰਦੂਸ਼ਣ ਨੂੰ ਘਟਾਉਣ ਅਤੇ ਵਾਤਾਵਰਣ ਨੂੰ ਬਚਾਉਣ ਦੀ ਜ਼ਿੰਮੇਵਾਰੀ ਨਿਭਾਅ ਸਕਦੇ ਹਾਂ। ਜੇਕਰ ਹਰ ਨਾਗਰਿਕ 'ਪ੍ਰਦੂਸ਼ਣ ਵਾਰੀਅਰਜ਼' ਬਣ ਜਾਵੇ ਤਾਂ ਅਸੀਂ ਹਵਾ ਪ੍ਰਦੂਸ਼ਣ ਕਾਰਨ ਹੋਣ ਵਾਲੇ ਸਿਹਤ ਖਤਰਿਆਂ ਨੂੰ ਰੋਕ ਸਕਦੇ ਹਾਂ।
ਪਾਬੰਦੀ ਦੇ ਬਾਵਜੂਦ ਚਲਾਏ ਜਾਂਦੇ ਹਨ ਪਟਾਕੇ
ਦਿੱਲੀ ਵਿੱਚ ਦੀਵਾਲੀ ਅਤੇ ਸਰਦੀਆਂ ਵਿੱਚ ਹਰ ਵਾਰ ਪ੍ਰਦੂਸ਼ਣ ਵੱਧ ਜਾਂਦਾ ਹੈ। ਜਿਸ ਕਾਰਨ ਰਾਜਧਾਨੀ ਵਿੱਚ ਸਾਹ ਲੈਣਾ ਔਖਾ ਹੋ ਗਿਆ ਹੈ। ਅਜਿਹੇ 'ਚ ਸਰਕਾਰ ਵੱਲੋਂ ਪ੍ਰਦੂਸ਼ਣ ਨੂੰ ਰੋਕਣ ਲਈ ਵੱਖ-ਵੱਖ ਉਪਾਅ ਕੀਤੇ ਜਾ ਰਹੇ ਹਨ। ਅਜਿਹੇ 'ਚ ਦੀਵਾਲੀ ਦੌਰਾਨ ਪਟਾਕਿਆਂ ਦੀ ਖਰੀਦੋ-ਫਰੋਖਤ 'ਤੇ ਪਾਬੰਦੀ ਲਗਾਉਣਾ ਵੀ ਇਕ ਹੱਲ ਹੈ ਪਰ ਇਸ ਦੇ ਬਾਵਜੂਦ ਲੋਕ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਤੋਂ ਗੁਰੇਜ਼ ਨਹੀਂ ਕਰਦੇ ਅਤੇ ਫਿਰ ਭਾਰੀ ਪ੍ਰਦੂਸ਼ਣ ਦੇਖਣ ਨੂੰ ਮਿਲਦਾ ਹੈ। ਪਿਛਲੇ ਸਾਲ ਵੀ ਦੀਵਾਲੀ 'ਤੇ ਕਾਫੀ ਪਟਾਕੇ ਚਲਾਏ ਗਏ ਸਨ।