ਬਰਨਾਲਾ ਦੇ ਪਿੰਡ ਚੀਮਾ ਵਿੱਚ ਸਰਪੰਚ ਉਮੀਦਵਾਰ ਦੀ ਨਾਮਜ਼ਦਗੀ ਰੱਦ ਹੋਣ ਕਾਰਨ ਉਹ ਪੈਟਰੋਲ ਲੈ ਕੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ। ਉਮੀਦਵਾਰ ਨਿਰੰਜਨ ਸਿੰਘ ਟੈਂਕੀ ’ਤੇ ਚੜ੍ਹ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰ ਰਿਹਾ ਹੈ। ਉਸ ਨੇ ਦੋਸ਼ ਲਾਇਆ ਹੈ ਕਿ ਵਿਰੋਧੀ ਉਮੀਦਵਾਰ ਦੇ ਦਬਾਅ ਕਾਰਨ ਉਸ ਦੀ ਨਾਮਜ਼ਦਗੀ ਰੱਦ ਕੀਤੀ ਗਈ ਹੈ।
ਟੈਂਕੀ ’ਤੇ ਚੜ੍ਹੇ ਨਿਰੰਜਨ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਪਤਨੀ ਸਰਬਜੀਤ ਕੌਰ ਨਾਲ ਮਿਲ ਕੇ ਸਰਪੰਚੀ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਪਰ ਸ਼ਹਿਣਾ ਬਲਾਕ ਦੇ ਰਿਟਰਨਿੰਗ ਅਫ਼ਸਰ ਨੇ ਹੋਰਨਾਂ ਪਾਰਟੀਆਂ ਦੇ ਦਬਾਅ ਹੇਠ ਆ ਕੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ।
ਨਿਰੰਜਨ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਨਾਮਜ਼ਦਗੀ ਰੱਦ ਕਰਵਾਉਣ ਲਈ ਉਨ੍ਹਾਂ ’ਤੇ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਲਾਏ ਜਾ ਰਹੇ ਹਨ, ਜੋ ਕਿ ਸਰਾਸਰ ਗਲਤ ਹੈ। ਇਸ ਸਬੰਧੀ ਰਸਮੀ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਰੱਦ ਕੀਤੇ ਨਾਮਜ਼ਦਗੀ ਪੱਤਰ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਜਾਵੇ। ਉਹ ਇਨਸਾਫ਼ ਮਿਲਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ।