ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਲਈ ਪੁੱਜੇ। ਦੱਸ ਦੇਈਏ ਕਿ ਬੀਤੇ ਦਿਨਾਂ ਦੌਰਾਨ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਨੋਟਿਸ ਜਾਰੀ ਕੀਤਾ ਗਿਆ ਸੀ।
ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ- ਬੀਬੀ ਜਗੀਰ ਕੌਰ
ਉਨ੍ਹਾਂ ਕਿਹਾ ਕਿ ਮੈਨੂੰ ਦੁੱਖ ਹੈ ਕਿ ਮੇਰੇ ਖਿਲਾਫ ਝੂਠੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ। ਪਿਛਲੇ 40 ਸਾਲਾਂ ਤੋਂ ਪੰਥ ਦੀ ਸੇਵਾ ਕਰ ਰਹੀ ਹਾਂ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ।
ਇਸ ਲਈ ਜਾਰੀ ਕੀਤਾ ਗਿਆ ਸੀ ਨੋਟਿਸ
ਬੀਬੀ ਜਗੀਰ ਕੌਰ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਰਜ ਸ਼ਿਕਾਇਤਾਂ ਸਬੰਧੀ ਲਿਖਤੀ ਨੋਟਿਸ ਜਾਰੀ ਕੀਤਾ ਗਿਆ ਸੀ। ਬੀਬੀ ਜਗੀਰ ਕੌਰ ਨੂੰ ਆਪਣੇ ਰੋਮਾਂ ਦੀ ਬੇਅਦਬੀ ਕਰਨ ਅਤੇ ਆਪਣੀ ਧੀ ਦੇ ਕਤਲ ਦੇ ਦੋਸ਼ ਹੇਠ ਨੋਟਿਸ ਜਾਰੀ ਕੀਤਾ ਗਿਆ ਸੀ। ਉਨ੍ਹਾਂ ਨੂੰ ਇੱਕ ਹਫ਼ਤੇ ਅੰਦਰ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।
ਧੀ ਦੇ ਕਤਲ ਦੇ ਮਾਮਲੇ 'ਚ ਬਰੀ ਹੋ ਚੁੱਕੀ ਹੈ ਬੀਬੀ ਜਗੀਰ ਕੌਰ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆਈਆਂ ਸ਼ਿਕਾਇਤਾਂ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕੀਤਾ ਸੀ, ਹਾਲਾਂਕਿ ਬੀਬੀ ਜਗੀਰ ਕੌਰ ਨੂੰ ਆਪਣੀ ਧੀ ਦੇ ਕਤਲ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰੀ ਕਰ ਦਿੱਤਾ ਹੈ।