ਦਿੱਲੀ ਦੀ ਅਦਾਲਤ ਨੇ ਈਡੀ ਦੀ ਸ਼ਿਕਾਇਤ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਦਸਣਾ ਬਣਦਾ ਹੈ ਕਿ ਈਡੀ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ ਪਰ ਉਹ ਸੰਮਨ ਦੀ ਪਾਲਣਾ ਨਹੀਂ ਕਰ ਰਹੇ।
ਅਦਾਲਤ ਨੇ 17 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ
ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜ ਵਾਰ ਸੰਮਨ ਭੇਜੇ ਜਾਣ ਤੋਂ ਬਾਅਦ ਮੁੱਖ ਮੰਤਰੀ ਈਡੀ ਅੱਗੇ ਪੇਸ਼ ਨਹੀਂ ਹੋਏ ਸਨ। ਇਸ 'ਤੇ ਈਡੀ ਵੱਲੋਂ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਰਾਉਸ ਐਵੇਨਿਊ ਕੋਰਟ ਨੇ ਬੁੱਧਵਾਰ ਨੂੰ ਆਪਣਾ ਫੈਸਲਾ ਸੁਣਾਇਆ ਅਤੇ ਕੇਜਰੀਵਾਲ ਨੂੰ 17 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ। ACMM ਦਿਵਿਆ ਮਲਹੋਤਰਾ ਨੇ ਇਹ ਹੁਕਮ ਦਿੱਤਾ ਹੈ।
ਇਸ ਤੋਂ ਪਹਿਲਾਂ ਈਡੀ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ ਪੁੱਛਗਿੱਛ ਲਈ ਅਰਵਿੰਦ ਕੇਜਰੀਵਾਲ ਨੂੰ 5 ਨੋਟਿਸ ਜਾਰੀ ਕੀਤੇ ਸਨ। ਪਰ ਮੁੱਖ ਮੰਤਰੀ ਵੱਖ-ਵੱਖ ਕਾਰਨ ਦੱਸਦੇ ਹੋਏ ਈਡੀ ਸਾਹਮਣੇ ਪੇਸ਼ ਨਹੀਂ ਹੋਏ।
ਕੇਜਰੀਵਾਲ ਨੂੰ ਕਦੋਂ-ਕਦੋਂ ਜਾਰੀ ਕੀਤੇ ਗਏ ਸੰਮਨ
ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 5 ਵਾਰ ਸੰਮਨ ਭੇਜੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ED ਨੇ ਕੇਜਰੀਵਾਲ ਨੂੰ ਪਹਿਲਾ ਸੰਮਨ ਪਿਛਲੇ ਸਾਲ 2 ਨਵੰਬਰ, 21 ਦਸੰਬਰ ਅਤੇ ਇਸ ਸਾਲ 3 ਜਨਵਰੀ, 18 ਜਨਵਰੀ ਅਤੇ 31 ਜਨਵਰੀ ਨੂੰ ਭੇਜਿਆ ਸੀ। ਕੇਜਰੀਵਾਲ ਨੇ ਇਨ੍ਹਾਂ ਪੰਜ ਸੰਮਨਾਂ ਦਾ ਕੋਈ ਜਵਾਬ ਨਹੀਂ ਦਿੱਤਾ ਅਤੇ ਕਿਹਾ ਕਿ ਇਹ ਗੈਰ-ਕਾਨੂੰਨੀ ਸੀ।