ਪੰਜਾਬੀ ਯੂਨੀਵਰਸਿਟੀ ਨੂੰ ਮਿਲਣ ਵਾਲੀ ਮਹੀਨਾਵਾਰ ਗਰਾਂਟ ਵਿੱਚ 33 ਫੀਸਦੀ ਦੀ ਕਟੌਤੀ ਕੀਤੀ ਗਈ ਹੈ। ਹੁਣ ਯੂਨੀਵਰਸਿਟੀ ਨੂੰ 30 ਕਰੋੜ ਰੁਪਏ ਦੀ ਬਜਾਏ ਸਿਰਫ਼ 20 ਕਰੋੜ ਰੁਪਏ ਪ੍ਰਤੀ ਮਹੀਨਾ ਮਿਲਣਗੇ। ਸਰਕਾਰ ਨੇ ਇਸ ਸਬੰਧੀ ਯੂਨੀਵਰਸਿਟੀ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਹੈ।
ਯੂਨੀਵਰਸਿਟੀ ਨੂੰ ਪਿਛਲੇ ਮਹੀਨੇ 30 ਕਰੋੜ ਦੀ ਬਜਾਏ 20 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ, ਜਿਸ ਤੋਂ ਬਾਅਦ ਹੁਣ ਯੂਨੀਵਰਸਿਟੀ ਦੇ ਹਾਲਾਤ ਹੋਰ ਵੀ ਖਰਾਬ ਹੋ ਸਕਦੇ ਹਨ। ਇਸ ਦੇ ਨਾਲ ਹੀ ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਹੀ ਯੂਨੀਵਰਸਿਟੀ ਕਰਮਚਾਰੀ ਤਨਖਾਹਾਂ ਨਾ ਮਿਲਣ ਕਾਰਨ ਸੰਘਰਸ਼ ਕਰਨ ਦੀ ਤਿਆਰੀ ਕਰ ਰਹੇ ਹਨ।
ਦੱਸ ਦੇਈਏ ਕਿ ਮਾਰਚ 2023 ਵਿੱਚ ਪੰਜਾਬੀ ਯੂਨੀਵਰਸਿਟੀ ਵਿੱਚ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀ ਨੂੰ ਤਿੰਨ ਮਹੀਨਿਆਂ ਲਈ 90 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪ੍ਰੋਗਰਾਮ ਵਿੱਚ ਇਹ ਵੀ ਐਲਾਨ ਕੀਤਾ ਸੀ ਕਿ ਸਰਕਾਰ ਯੂਨੀਵਰਸਿਟੀ ਦਾ ਕਰਜ਼ਾ ਮੁਆਫ ਕਰੇਗੀ। ਇਸ ਤੋਂ ਬਾਅਦ ਯੂਨੀਵਰਸਿਟੀ ਨੂੰ ਛੇ ਮਹੀਨਿਆਂ ਲਈ ਕੁੱਲ 180 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ ਪਰ ਦੀਵਾਲੀ ਤੋਂ ਪਹਿਲਾਂ ਸਰਕਾਰ ਨੇ ਇਹ ਗ੍ਰਾਂਟ ਘਟਾ ਕੇ 20 ਕਰੋੜ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ।
ਮੁੱਖ ਮੰਤਰੀ ਦੇ ਐਲਾਨ ਤੋਂ ਪਹਿਲਾਂ ਸਰਕਾਰ ਯੂਨੀਵਰਸਿਟੀ ਨੂੰ ਹਰ ਮਹੀਨੇ 18.5 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਦੀ ਸੀ।