ਖਬਰਿਸਤਾਨ ਨੈੱਟਵਰਕ : ਇੱਕ ਪਾਸੇ ਵਿਜੀਲੈਂਸ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਭਗੌੜਾ ਐਲਾਨਣ ਦੀ ਤਿਆਰੀ ਕਰ ਰਹੀ ਹੈ, ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਦੀ ਅਦਾਲਤ ਦਾ ਫੈਸਲਾ ਚਾਹਲ ਦੇ ਹੱਕ ਵਿੱਚ ਆਇਆ ਹੈ। ਦਸੱਦੀਏ ਕਿ ਚਾਹਲ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਚਾਹਲ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ ਅਤੇ ਉਸ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਹ ਹੈ ਕਿ ਇਕ ਦਿਨ ਪਹਿਲਾਂ ਹੀ ਅਦਾਲਤ ਨੇ ਚਾਹਲ ਖਿਲਾਫ ਕੀਤੀ ਜਾ ਰਹੀ ਕਾਰਵਾਈ 'ਤੇ ਪੰਜਾਬ ਪੁਲਿਸ ਤੋਂ ਜਵਾਬ ਮੰਗਿਆ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਮੰਗਲਵਾਰ ਨੂੰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ । ਹਾਈ ਕੋਰਟ ਨੇ ਰਾਜ ਸਰਕਾਰ ਅਤੇ ਸਟੇਟ ਵਿਜੀਲੈਂਸ ਬਿਊਰੋ (ਐੱਸ.ਵੀ.ਬੀ.) ਪੰਜਾਬ ਨੂੰ ਬੁੱਧਵਾਰ ਤੱਕ ਇਸ ਮੁੱਦੇ 'ਤੇ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਸੀ।
ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਚਾਹਲ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਨੋਟਿਸ ਜਾਰੀ ਕੀਤਾ ਹੈ। ਪਟਿਆਲਾ ਦੀ ਇੱਕ ਸਥਾਨਕ ਅਦਾਲਤ ਵੱਲੋਂ 23 ਅਗਸਤ ਨੂੰ ਉਸ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਚਾਹਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਜਾਂਚ ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਚਾਹਲ ਜਾਂਚ ਦੌਰਾਨ ਸਹਿਯੋਗ ਨਹੀਂ ਕਰ ਰਿਹਾ ਸੀ।
ਜਿਸ ਤੋਂ ਬਾਅਦ ਹੇਠਲੀ ਅਦਾਲਤ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਜਾਂਚ ਏਜੰਸੀ ਦਰਜ ਮਾਮਲੇ ਦੀ ਸਹੀ ਜਾਂਚ ਲਈ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਅਗਾਊਂ ਜ਼ਮਾਨਤ ਦੀ ਮੰਗ ਕਰਦੇ ਹੋਏ, 75 ਸਾਲਾਂ ਦੇ ਚਾਹਲ ਨੇ ਆਪਣੀ ਪਟੀਸ਼ਨ ਵਿੱਚ ਜਾਂਚ ਏਜੰਸੀ ਦੁਆਰਾ ਸਿਆਸੀ ਬਦਲਾਖੋਰੀ ਅਤੇ ਆਮਦਨ ਅਤੇ ਖਰਚੇ ਦੀ ਗਲਤ ਗਣਨਾ ਕਰਨ ਦਾ ਦੋਸ਼ ਲਗਾਇਆ ਹੈ।