ਹਰਿਆਣਾ ਦੇ ਕੈਥਲ 'ਚ ਦੁਸਹਿਰੇ ਵਾਲੇ ਦਿਨ ਪਿੰਡ ਮੁੰਦੜੀ 'ਚ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਆਲਟੋ ਕਾਰ ਮੁੰਦੜੀ ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਕਾਰ 'ਚ ਸਵਾਰ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ, ਇੱਕ ਡਰਾਈਵਰ ਅਤੇ ਤਿੰਨ ਬੱਚੇ ਸ਼ਾਮਲ ਹਨ। ਸਾਰੇ ਮ੍ਰਿਤਕ ਇੱਕੋ ਪਰਿਵਾਰ ਨਾਲ ਸਬੰਧਤ ਹਨ।
ਹਾਦਸੇ 'ਚ 7 ਲੋਕਾਂ ਦੀ ਗਈ ਜਾਨ
ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਪਰਿਵਾਰ ਆਲਟੋ ਕਾਰ 'ਚ ਪੂੰਡਰੀ ਵੱਲ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਮੁੰਦੜੀ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਨਹਿਰ 'ਚ ਜਾ ਡਿੱਗ ਗਈ ਅਤੇ 7 ਲੋਕਾਂ ਦੀ ਮੌਤ ਹੋ ਗਈ।
ਆਸ-ਪਾਸ ਦੇ ਲੋਕਾਂ ਨੇ ਕਾਰ ਨੂੰ ਨਹਿਰ 'ਚ ਡਿੱਗਦੇ ਦੇਖਿਆ ਤਾਂ ਉਹ ਮੌਕੇ 'ਤੇ ਪਹੁੰਚ ਗਏ। ਕਾਫੀ ਮੁਸ਼ੱਕਤ ਤੋਂ ਬਾਅਦ ਲੋਕਾਂ ਨੇ ਕਾਰ ਨੂੰ ਬਾਹਰ ਕੱਢਿਆ। ਨਾਲ ਹੀ ਕਾਰ ਵਿਚ ਸਵਾਰ ਸਾਰੇ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਪਰ ਉੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ।