ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਗਏ ਬਾਗੀ ਆਗੂਆਂ ਦੀ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਹੋਈ। ਇਹ ਮੀਟਿੰਗ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਹੋਣ ਕਾਰਨ ਉਹ 8 ਆਗੂਆਂ ਨੂੰ ਪਾਰਟੀ 'ਚੋਂ ਕੱਢਣ ਦੇ ਫੈਸਲੇ ਨੂੰ ਰੱਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਸੰਵਿਧਾਨ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ।
ਮੈਂ ਇਸ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖਾਂਗਾ ਤੇ ਇਸ ਮਾਮਲੇ 'ਚ ਜਵਾਬ ਮੰਗਣਗੇ। ਪਾਰਟੀ ਪ੍ਰਧਾਨ ਦੀ ਚੋਣ ਲਈ ਆਮ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਢੀਂਡਸਾ ਨੇ ਕਿਹਾ ਕਿ ਉਹ ਅੱਜ ਤੱਕ ਲੋਕਾਂ ਦੇ ਸਾਹਮਣੇ ਨਹੀਂ ਆਏ ਪਰ ਮਜਬੂਰੀ 'ਚ ਉਨ੍ਹਾਂ ਨੂੰ ਇਹ ਫੈਸਲਾ ਲੈਣਾ ਪਿਆ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਅਕਾਲੀ ਦਲ ਵੱਲੋਂ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ। ਇਨ੍ਹਾਂ ਆਗੂਆਂ 'ਤੇ ਦੋਸ਼ ਹੈ ਕਿ ਉਹ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸਨ। ਹਾਲਾਂਕਿ, ਕੱਢੇ ਗਏ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਵੀ ਨਹੀਂ ਦਿੱਤਾ ਗਿਆ।