ਖ਼ਬਰਿਸਤਾਨ ਨੈੱਟਵਰਕ- ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਗਈ ਹੈ। ਸੂਤਰਾਂ ਅਨੁਸਾਰ, ਮੋਹਾਲੀ ਪੁਲਿਸ ਨੇ ਭ੍ਰਿਸ਼ਟਾਚਾਰ ਐਕਟ ਦੀ ਧਾਰਾ 7 ਅਤੇ 8 ਦੇ ਤਹਿਤ ਮੋਹਾਲੀ ਦੇ ਫੇਜ਼-8 ਪੁਲਿਸ ਸਟੇਸ਼ਨ ਵਿੱਚ ਦਰਜ ਮਾਮਲੇ ਵਿੱਚ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੋਹਾਲੀ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਇਰ ਕੀਤੀ ਗਈ ਹੈ।
ਜਾਣੋ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਸਰਕਾਰੀ ਠੇਕਿਆਂ ਦੀ ਅਲਾਟਮੈਂਟ ਲਈ 1% ਕਮਿਸ਼ਨ ਮੰਗਣ ਦੀ ਸ਼ਿਕਾਇਤ ਤੋਂ ਬਾਅਦ 2022 ਵਿਚ ਮੋਹਾਲੀ ਦੇ ਫੇਜ਼-8 ਪੁਲਿਸ ਸਟੇਸ਼ਨ ਵਿਚ ਇਹ ਮਾਮਲਾ ਦਰਜ ਕੀਤਾ ਗਿਆ ਸੀ।ਮੋਹਾਲੀ ਪੁਲਿਸ ਨੇ ਹਾਲ ਹੀ ਵਿਚ ਅਦਾਲਤ ਵਿਚ ਇਕ ਕਲੋਜ਼ਰ ਰਿਪੋਰਟ ਪੇਸ਼ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਮੁਲਜ਼ਮਾਂ ਵਿਰੁਧ ਕਾਰਵਾਈ ਲਈ ਕੋਈ ਠੋਸ ਸਬੂਤ ਨਹੀਂ ਮਿਲੇ। ਪੁਲਿਸ ਸੂਤਰਾਂ ਨੇ ਦਸਿਆ ਕਿ ਸ਼ਿਕਾਇਤਕਰਤਾ ਰਾਜਿੰਦਰ ਸਿੰਘ ਨੇ ਵੀ ਅਦਾਲਤ ਵਿਚ ਦਿਤੇ ਅਪਣੇ ਬਿਆਨ ਵਿਚ ਕਲੋਜ਼ਰ ਰਿਪੋਰਟ ਨਾਲ ਸਹਿਮਤੀ ਪ੍ਰਗਟਾਈ ਹੈ। ਮੋਹਾਲੀ ਅਦਾਲਤ 14 ਜੁਲਾਈ ਨੂੰ ਕਲੋਜ਼ਰ ਰਿਪੋਰਟ 'ਤੇ ਫ਼ੈਸਲਾ ਸੁਣਾਵੇਗੀ।