ਖਬਰਿਸਤਾਨ ਨੈੱਟਵਰਕ- ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ ਕਿਉਕਿ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੀ ਹੁਣ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਵਿਜੀਲੈਂਸ ਨੂੰ ਕੁਝ ਡਿਟੇਲ ਦਿੱਤੀ ਹੈ।
ਬੀਤੇ ਦਿਨੀਂ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤਾ ਸੀ ਗ੍ਰਿਫਤਾਰ
ਦੱਸ ਦਈਏ ਕਿ ਵਿਜੀਲੈਂਸ ਵੱਲੋਂ ਮਜੀਠੀਆ ਨੂੰ 540 ਕਰੋੜ ਰੁਪਏ ਦੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਬਿਕਰਮ ਮਜੀਠੀਆ ਨੂੰ ਬੀਤੇ ਕੱਲ੍ਹ ਸਖ਼ਤ ਸੁਰੱਖਿਆ ਹੇਠ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਸਰਕਾਰੀ ਵਕੀਲਾਂ ਨੇ 12 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਮਜੀਠੀਆ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।
ਚਟੋਪਾਧਿਆਏ ਨੇ ਮਜੀਠੀਆ ਮਾਮਲੇ ਵਿਚ ਆਪਣੇ ਬਿਆਨ ਦਰਜ ਕਰਵਾਏ
ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੇ ਮਜੀਠੀਆ ਮਾਮਲੇ ਵਿਚ ਆਪਣੇ ਬਿਆਨ ਦਰਜ ਕਰਵਾਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਮਾੜੇ ਹੋ ਗਏ ਹਨ। ਇੱਥੇ ਉਦਯੋਗ ਅਤੇ ਨਿਵੇਸ਼ ਕਰਨ ਲਈ ਕੋਈ ਵੀ ਰਾਜ਼ੀ ਨਹੀਂ ਹੋ ਰਿਹਾ ਕਿਉਂਕਿ ਇਸ ਦਾ ਪ੍ਰਮੁੱਖ ਕਾਰਨ ਨਸ਼ਾ ਹੈ।
ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਨਸ਼ਿਆਂ ਵਿਰੁੱਧ ਕਾਰਵਾਈ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੈਂ ਆਪਣੀ ਸਾਰੀ ਡਿਟੇਲ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ।
ਸੂਤਰਾਂ ਅਨੁਸਾਰ, ਮਜੀਠੀਆ ਵਿਰੁੱਧ ਡਰੱਗ ਮਾਮਲੇ ਦੀ ਜਾਂਚ ਉਸ ਸਮੇਂ ਹੋਈ ਸੀ ਜਦੋਂ ਸਿਧਾਰਥ ਚਟੋਪਾਧਿਆਏ ਡੀਜੀਪੀ ਸਨ। ਉਸ ਸਮੇਂ ਕਈ ਮਹੱਤਵਪੂਰਨ ਕੜੀਆਂ ਦਾ ਪਰਦਾਫਾਸ਼ ਹੋਇਆ ਸੀ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਹੁਣ ਨਵੇਂ ਸਿਰੇ ਤੋਂ ਜੋੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਚਟੋਪਾਧਿਆਏ ਦਾ ਬਿਆਨ ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਇੱਕ ਮਹੱਤਵਪੂਰਨ ਮੋੜ ਲਿਆ ਸਕਦਾ ਹੈ, ਕਿਉਂਕਿ ਉਸਨੂੰ ਮਜੀਠੀਆ ਦੇ ਡਰੱਗ ਨੈੱਟਵਰਕ ਨਾਲ ਸਬੰਧਤ ਪਹਿਲੂਆਂ ਦਾ ਡੂੰਘਾ ਗਿਆਨ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਵਲੋਂ ਸਾਂਝੀ ਕੀਤੀ ਜਾਣਕਾਰੀ ਨਾਲ ਕਈ ਅਹਿਮ ਖੁਲਾਸੇ ਹੋ ਸਕਦੇ ਹਨ, ਜਿਸ ਨਾਲ ਮਜੀਠੀਆ ਦੀਆਂ ਕਾਨੂੰਨੀ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਵਿਜੀਲੈਂਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮਜੀਠੀਆ ਦਾ ਨਸ਼ਾ ਤਸਕਰਾਂ ਅਤੇ ਪੈਸੇ ਦੇ ਲੈਣ-ਦੇਣ ਨਾਲ ਕੀ ਸਬੰਧ ਸੀ ਅਤੇ ਕੀ ਇਹ ਕਾਰਵਾਈ ਰਾਜਨੀਤਿਕ ਸਰਪ੍ਰਸਤੀ ਕਾਰਨ ਪ੍ਰਭਾਵਿਤ ਹੋਈ ਸੀ।
ਐਫਆਈਆਰ ਵਿੱਚ 540 ਕਰੋੜ ਰੁਪਏ ਦਾ ਜ਼ਿਕਰ
ਐਫਆਈਆਰ ਦੇ ਅਨੁਸਾਰ, ਮਜੀਠੀਆ ਕੋਲ 540 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ ਜੋ ਉਸਦੀ ਐਲਾਨੀ ਆਮਦਨ ਤੋਂ ਕਿਤੇ ਵੱਧ ਹੈ। ਇਸ ਦੇ ਨਾਲ ਹੀ, ਮਨੀ ਲਾਂਡਰਿੰਗ, ਸ਼ੱਕੀ ਵਿਦੇਸ਼ੀ ਲੈਣ-ਦੇਣ ਲਈ ਸ਼ੈੱਲ ਕੰਪਨੀਆਂ ਦੀ ਵਰਤੋਂ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਵਿਜੀਲੈਂਸ ਟੀਮ ਨੇ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕੀਤੇ ਹਨ।
ਛਾਪੇਮਾਰੀ ਕਰਨ ਲਈ 30 ਵਿਜੀਲੈਂਸ ਅਧਿਕਾਰੀ ਪਹੁੰਚੇ ਸਨ
ਦੱਸਿਆ ਜਾ ਰਿਹਾ ਹੈ ਕਿ ਛਾਪੇਮਾਰੀ ਕਰਨ ਲਈ 30 ਵਿਜੀਲੈਂਸ ਅਧਿਕਾਰੀ ਮਜੀਠੀਆ ਦੇ ਘਰ ਛਾਪੇਮਾਰੀ ਕਰਨ ਲਈ ਪਹੁੰਚੇ ਸਨ। ਇਸ ਦੌਰਾਨ, ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਵੀ ਵਿਜੀਲੈਂਸ ਅਧਿਕਾਰੀਆਂ 'ਤੇ ਧੱਕਾ ਕਰਨ ਦੇ ਦੋਸ਼ ਲਗਾਏ ਹਨ।