ਪੰਜਾਬ 'ਚ ਜ਼ਿਮਨੀ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਸੋਹਣ ਸਿੰਘ ਠੰਡਲ ਭਾਜਪਾ 'ਚ ਸ਼ਾਮਲ ਹੋ ਗਏ ਹਨ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਕਰਵਾਇਆ ਹੈ। ਪਾਰਟੀ ਚੱਬੇਵਾਲ ਸੀਟ ਤੋਂ ਸੋਹਣ ਠੰਡਲ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ।
ਹੁਸ਼ਿਆਰਪੁਰ ਤੋਂ ਲੜੇ ਸਨ ਲੋਕ ਸਭਾ ਚੋਣ
ਇਸ ਸਾਲ ਹੋਈਆਂ ਲੋਕ ਸਭਾ ਚੋਣਾਂ 'ਚ ਅਕਾਲੀ ਦਲ ਨੇ ਸੋਹਣ ਸਿੰਘ ਠੰਡਲ ਨੂੰ ਹੁਸ਼ਿਆਰਪੁਰ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ ਪਰ ਪ੍ਰਿੰਸ ਚੱਬੇਵਾਲ ਦੇ ਸਾਹਮਣੇ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜੇਕਰ ਭਾਜਪਾ ਚੱਬੇਵਾਲ ਤੋਂ ਸੋਹਣ ਸਿੰਘ ਠੰਡਲ ਨੂੰ ਟਿਕਟ ਦਿੰਦੀ ਹੈ ਤਾਂ ਇਸ ਵਾਰ ਉਨ੍ਹਾਂ ਦਾ ਮੁਕਾਬਲਾ ਰਾਜਕੁਮਾਰ ਚੱਬੇਵਾਲ ਦੇ ਪੁੱਤਰ ਈਸ਼ਾਨ ਚੱਬੇਵਾਲ ਦੇ ਨਾਲ ਅਤੇ ਕਾਂਗਰਸ ਦੇ ਰਣਜੀਤ ਕੁਮਾਰ ਨਾਲ ਹੋਵੇਗਾ। ਸੋਹਣ ਸਿੰਘ ਠੰਡਲ ਮਾਹਿਲਪੁਰ ਤੇ ਚੱਬੇਵਾਲ ਵਿਧਾਨ ਸਭਾ ਤੋਂ 4 ਵਾਰ ਵਿਧਾਇਕ ਅਤੇ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ।
ਭਾਜਪਾ ਨੇ ਸਿਰਫ਼ 3 ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਹੁਣ ਤੱਕ ਸਿਰਫ 3 ਸੀਟਾਂ 'ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਇਆ ਹੈ। ਹੁਣ ਚੱਬੇਵਾਲ ਸੀਟ ਤੋਂ ਸੋਹਣ ਸਿੰਘ ਠੰਡਲ ਨੂੰ ਟਿਕਟ ਮਿਲ ਸਕਦੀ ਹੈ।
ਕਾਂਗਰਸ ਨੇ 4 ਸੀਟਾਂ 'ਤੇ ਇਨ੍ਹਾਂ ਉਮੀਦਵਾਰਾਂ ਦਾ ਕੀਤਾ ਐਲਾਨ
ਕਾਂਗਰਸ ਨੇ ਵੀ ਉਪ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਚੱਬੇਵਾਲ ਤੋਂ ਰਣਜੀਤ ਕੁਮਾਰ, ਬਰਨਾਲਾ ਸੀਟ ਤੋਂ ਕੁਲਦੀਪ ਸਿੰਘ ਢਿੱਲੋਂ ਅਤੇ ਗਿੱਦੜਬਾਹਾ ਸੀਟ ਤੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੈਡਿੰਗ ਨੂੰ ਉਮੀਦਵਾਰ ਬਣਾਇਆ ਹੈ।
‘ਆਪ’ ਵੀ ਕਰ ਚੁੱਕੀ ਹੈ ਉਮੀਦਵਾਰਾਂ ਦਾ ਐਲਾਨ
ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 4 ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਢਿੱਲੋਂ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਰੰਧਾਵਾ ਦੇ ਨਾਵਾਂ ਦਾ ਐਲਾਨ ਕੀਤਾ ਹੈ।