ਸਾਬਕਾ ਅਕਾਲੀ ਆਗੂ ਬਿਕਰਮ ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਕੋਲ ਮਿਲਣ ਲਈ ਪਹੁੰਚੇ। ਪਰ ਏਡੀਜੀਪੀ ਜੇਲ੍ਹ ਨੇ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਮੁਲਾਕਾਤ ਦੀ ਕੋਈ ਇਜਾਜ਼ਤ ਨਹੀਂ ਹੈ। ਦੱਸ ਦੇਈਏ ਕਿ ਬਲਵੰਤ ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ 'ਚ ਫਾਂਸੀ ਦੀ ਸਜ਼ਾ ਭੁਗਤ ਰਿਹਾ ਹੈ।
ਜੇਲ ਪ੍ਰਸ਼ਾਸਨ 'ਤੇ ਲੱਗੇ ਦੋਸ਼
ਬਿਕਰਮ ਮਜੀਠੀਆ ਨੇ ਜੇਲ ਏ.ਡੀ.ਜੀ.ਪੀ ਅਤੇ ਸਰਕਾਰ ਖਿਲਾਫ ਬੋਲਦਿਆਂ ਕਿਹਾ ਕਿ ਸਰਕਾਰ ਦੀ ਮਨਮਾਨੀ ਆਮ ਜਨਤਾ ਨੂੰ ਭਾਰੀ ਪੈ ਰਹੀ ਹੈ।ਮਜੀਠੀਆ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੇ ਮਨਜ਼ੂਰੀ ਦਿੱਤੀ ਅਤੇ ਫਿਰ ਵਾਪਸ ਲੈ ਲਈ।
ਭੁੱਖ ਹੜਤਾਲ 'ਤੇ ਜਾਣ ਦੀ ਕੀਤੀ ਗੱਲ
ਉਨ੍ਹਾਂ ਕਿਹਾ ਕਿ ਮਾਮਲਾ ਬਹੁਤ ਗੰਭੀਰ ਹੈ, ਭਾਈ ਰਾਜੋਆਣਾ ਨੇ ਭੁੱਖ ਹੜਤਾਲ ਕਰਨ ਦੀ ਗੱਲ ਕੀਤੀ ਹੈ, ਜਿਸ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਗੱਲਬਾਤ ਕਰਨ ਅਤੇ ਮਸਲੇ ਦਾ ਹੱਲ ਕਰਨ ਲਈ ਆਇਆ ਸੀ, ਪਰ ਸਰਕਾਰ ਇਸ ਮਾਮਲੇ ਨੂੰ ਵਿਗਾੜਨ ਦੀ ਸਾਜ਼ਿਸ਼ ਰਚ ਰਹੀ ਹੈ।
ਸਿਹਤ ਖਰਾਬ ਹੋਣ 'ਤੇ ਸਰਕਾਰ ਹੋਵੇਗੀ ਜ਼ਿੰਮੇਵਾਰ
ਮਜੀਠੀਆ ਨੇ ਕਿਹਾ ਕਿ ਜੇਕਰ ਰਾਜੋਆਣਾ ਜੇਲ 'ਚ ਭੁੱਖ ਹੜਤਾਲ 'ਤੇ ਜਾਂਦੇ ਹਨ ਜਾਂ ਉਨ੍ਹਾਂ ਦੀ ਸਿਹਤ ਵਿਗੜਦੀ ਹੈ ਤਾਂ ਇਸ ਸਭ ਲਈ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਜ਼ਿੰਮੇਵਾਰ ਹੋਣਗੇ।
ਸ਼੍ਰੋਮਣੀ ਕਮੇਟੀ ਦੇ ਵਰਕਰ ਵੀ ਮਿਲਣ ਆਏ
ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਵੀ ਪੰਜਾਬ ਪੁਲਿਸ ਨੇ ਰੋਕ ਲਿਆ। 5 ਦਸੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਭੁੱਖ ਹੜਤਾਲ ਨੂੰ ਖਤਮ ਕਰਨ ਲਈ ਜੇਲ 'ਚ ਰਾਜੋਆਣਾ ਨੂੰ ਮਿਲਣ ਆਏ ਸਨ।
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਪਟਿਆਲਾ ਜੇਲ੍ਹ ਦੇ ਬਾਹਰ ਹੀ ਰੋਕ ਲਿਆ। ਵਫ਼ਦ ਦੇ ਰੁਕਣ ਤੋਂ ਬਾਅਦ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਚਰਨ ਸਿੰਘ ਗਿੱਲ ਗੱਲਬਾਤ ਕਰਨ ਲਈ ਪੁੱਜੇ। ਜਿਨ੍ਹਾਂ ਨੇ ਕਿਹਾ ਕਿ ਮੁਲਾਕਾਤ ਲਈ ਜੇਲ੍ਹ ਪ੍ਰਸ਼ਾਸਨ ਤੋਂ ਮਨਜ਼ੂਰੀ ਨਹੀਂ ਲਈ ਗਈ ਹੈ।