ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਰਾਜਨ ਦਾ ਹਰਿਆਣਾ ਦੇ ਯਮੁਨਾਨਗਰ 'ਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਰਾਜਨ ਦੇ ਹੱਥ-ਪੈਰ ਬੰਨ੍ਹੇ ਹੋਏ ਸਨ ਅਤੇ ਉਸ ਨੂੰ ਅੱਗ ਲਾ ਦਿੱਤੀ ਗਈ ਸੀ। ਲਾਰੈਂਸ ਦੇ ਵਿਰੋਧੀ ਗੈਂਗ ਬੰਬੀਹਾ ਗੈਂਗ ਨੇ ਫੇਸਬੁੱਕ 'ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ।
ਬੰਬੀਹਾ ਗੈਂਗ ਨੇ ਜ਼ਿੰਮੇਵਾਰੀ ਲਈ
ਮ੍ਰਿਤਕ ਕਈ ਵੱਡੀਆਂ ਗੈਂਗਵਾਰਾਂ ਵਿੱਚ ਸ਼ਾਮਲ ਰਿਹਾ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਹਿਰ ਦੇ ਕੰਢੇ ਇਕ ਵਿਅਕਤੀ ਦੀ ਸੜੀ ਹੋਈ ਲਾਸ਼ ਪਈ ਹੈ। ਇਸ ਦੇ ਨਾਲ ਹੀ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੀ ਇਕ ਪੋਸਟ ਫੇਸਬੁੱਕ 'ਤੇ ਵਾਇਰਲ ਹੋ ਰਹੀ ਹੈ। ਵਾਇਰਲ ਪੋਸਟ ਵਿੱਚ ਰਾਜਨ ਦੇ ਕਤਲ ਦੀ ਜ਼ਿੰਮੇਵਾਰੀ ਦੇਵੇਂਦਰ ਬੰਬੀਹਾ ਵੱਲੋਂ ਲਈ ਜਾ ਰਹੀ ਹੈ। ਜਦੋਂ ਪੁਲਸ ਅਧਿਕਾਰੀ ਨੂੰ ਇਸ ਪੋਸਟ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਰਾਜਨ ਆਪਣੇ ਪਰਿਵਾਰ ਤੋਂ ਵੱਖ ਰਹਿੰਦਾ ਸੀ
ਪੁਲਸ ਨੇ ਰਾਜਨ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮੌਕੇ ’ਤੇ ਬੁਲਾਇਆ। ਪਰਿਵਾਰ ਨੇ ਦੱਸਿਆ ਕਿ ਰਾਜਨ ਕਰੀਬ ਡੇਢ ਸਾਲ ਤੋਂ ਘਰੋਂ ਬਾਹਰ ਰਹਿ ਰਿਹਾ ਸੀ। ਉਸ ਦਾ ਪਰਿਵਾਰ ਨਾਲ ਕਿਸੇ ਤਰ੍ਹਾਂ ਦਾ ਕੋਈ ਸਬੰਧ ਨਹੀਂ ਸੀ। ਉਹ ਵਿਆਹਿਆ ਹੋਇਆ ਸੀ ਅਤੇ ਇੱਕ ਬੱਚੇ ਦਾ ਪਿਤਾ ਵੀ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਸਾਨੂੰ ਕਿਸੇ 'ਤੇ ਸ਼ੱਕ ਨਹੀਂ ਹੈ।