ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਸੱਤਵਾਂ ਦਿਨ ਸੀ, ਇਸ ਦੌਰਾਨ ਸਦਨ ਵਿਚ ਕਈ ਮੁੱਦੇ ਚੁੱਕੇ ਗਏ ਤੇ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਬੋਧਨ ਕੀਤਾ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 2024 ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕਿਹਾ ਗਿਆ ਸੀ ਕਿ ਸੈਸ਼ਨ 15 ਮਾਰਚ ਤੱਕ ਚੱਲੇਗਾ।
ਸੀ ਐਮ ਮਾਨ ਨੇ ਕੇਂਦਰ ਦੇ ਵਰਚੁਅਲ ਉਦਘਾਟਨ 'ਤੇ ਚੁੱਕੇ ਸਵਾਲ
ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਚੋਣ ਕਮਿਸ਼ਨ ਖੋਜ ਬਿੱਲ 2024 ਵੀ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਵਰਚੁਅਲ ਉਦਘਾਟਨ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸੂਬੇ ਦੇ ਸੱਤ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਦੇ ਕੰਮ ਦਾ ਉਦਘਾਟਨ ਕਰ ਰਹੇ ਹਨ ਪਰ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਨੂੰ ਇਸ ਲਈ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੀਡੀਆ ਸਾਹਮਣੇ ਫੋਕੀ ਸ਼ੋਹਰਤ ਤੇ ਤਾੜੀਆਂ ਬਟੋਰਨ ਲਈ ਇਹ ਕੰਮ ਕਰ ਰਹੇ ਹਨ।
ਸੀ ਐਮ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਟੀਵੀ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਸ਼ੰਭੂ ਤੋਂ ਲੁਧਿਆਣਾ ਦੇ ਸਾਹਨੇਵਾਲ ਤੱਕ 7 ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਕੀ ਪ੍ਰਧਾਨ ਮੰਤਰੀ ਅਜਿਹਾ ਤਾੜੀਆਂ ਬਟੋਰਨ ਲਈ ਕਰ ਰਹੇ ਹਨ?
ਸੀ ਐਮ ਮਾਨ ਨੇ ਕਿਹਾ ਕਿ ਰੇਲਵੇ ਕੇਂਦਰ ਨਾਲ ਜੁੜਿਆ ਹੋਇਆ ਹੈ, ਕੇਂਦਰ ਵਰਚੁਅਲੀ ਉਦਘਾਟਨ ਕਰ ਰਿਹਾ ਹੈ। ਇੱਕ ਪਾਸੇ ਰਾਜਪਾਲ ਸਾਹਿਬ ਬੈਠਦੇ ਹਨ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਦਘਾਟਨ ਕਰਦੇ ਹਨ। ਉਨ੍ਹਾਂ ਬਾਰੇ ਰਾਜ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾਂਦੀ ਹੈ। ਉੱਥੇ ਭਾਜਪਾ ਅਤੇ ਨਰਿੰਦਰ ਮੋਦੀ ਦੇ ਨਾਅਰੇ ਲੱਗਣੇ ਸ਼ੁਰੂ ਹੋ ਜਾਂਦੇ ਹਨ। ਇਸ ਦਾ ਮਤਲਬ ਹੈ ਕਿ ਉਹ ਤਾੜੀਆਂ ਬਟੋਰਨਾ ਚਾਹੁੰਦੇ ਹਨ। ਕੀ ਪੰਜਾਬ ਦਾ ਪੈਸਾ ਇਸ ਵਿੱਚ ਨਹੀਂ ਲੱਗਦਾ?
ਚੋਣਾਂ ਨੇੜੇ ਆਉਂਦਿਆਂ ਇਹ ਹੱਥਕੰਡੇ ਅਪਣਾਏ ਜਾ ਰਹੇ
ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਜ਼ਮੀਨੀ ਪੱਧਰ 'ਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਲਈ ਕੁਝ ਵੀ ਠੋਸ ਕਦਮ ਨਹੀਂ ਚੁੱਕੇ ਗਏ।ਮਾਨ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ।