ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ਹੋਏ ਹੈੱਡ ਕਾਂਸਟੇਬਲ ਦੇ ਕਤਲ ਤੋਂ ਬਾਅਦ ਪੀੜਤ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਕਿਹਾ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਕੇ ਸਜ਼ਾ ਦਿੱਤੀ ਜਾਵੇਗੀ।
CM ਮਾਨ ਦਾ ਟਵੀਟ
ਬੀਤੀ ਸ਼ਾਮ ਬਰਨਾਲਾ ਵਿਖੇ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ, ਜਿਸ ਵਿੱਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੀ ਮੌਤ ਹੋ ਗਈ। ਪ੍ਰਸ਼ਾਸਨ ਅਤੇ ਪੁਲਿਸ ਪੂਰੀ ਚੌਕਸੀ ਨਾਲ ਕੰਮ ਕਰ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇਗੀ।
ਦਰਸ਼ਨ ਸਿੰਘ ਦੇ ਪਰਿਵਾਰ ਨਾਲ ਮੇਰੀ ਹਮਦਰਦੀ ਹੈ। ਸਰਕਾਰ ਪੀੜਤ ਪਰਿਵਾਰ ਨੂੰ 1 ਕਰੋੜ ਰੁਪਏ ਦੇਵੇਗੀ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਵੱਖਰੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਬਹਾਦਰ ਪੁਲਸ ਵਾਲੇ ਦੇ ਜਜ਼ਬੇ ਨੂੰ ਦਿਲੋਂ ਸਲਾਮ।
ਦਰਸ਼ਨ ਸਿੰਘ ਮਾਮਲੇ ਨੂੰ ਸੁਲਝਾਉਣ ਲਈ ਗਏ ਹੋਏ ਸਨ
ਦੱਸ ਦੇਈਏ ਕਿ ਬੀਤੀ ਰਾਤ ਬਰਨਾਲਾ ਦੇ ਇੱਕ ਰੈਸਟੋਰੈਂਟ ਦੇ ਸਟਾਫ਼ ਅਤੇ ਕਬੱਡੀ ਖਿਡਾਰੀਆਂ ਵਿਚਾਲੇ ਝਗੜਾ ਹੋ ਗਿਆ ਸੀ। ਇਸ ਝਗੜੇ ਨੂੰ ਸੁਲਝਾਉਣ ਲਈ ਦਰਸ਼ਨ ਸਿੰਘ ਪੁੱਜੇ ਹੋਏ ਸਨ ਪਰ ਕਬੱਡੀ ਖਿਡਾਰੀਆਂ ਨੇ ਦਰਸ਼ਨ ਸਿੰਘ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੀ ਕੁੱਟ-ਮਾਰ ਕਰ ਦਿੱਤੀ, ਜਿਸ ਦੌਰਾਨ ਉਸ ਦੀ ਮੌਤ ਹੋ ਗਈ।