ਲੁਧਿਆਣਾ ਪੁਲਸ ਲਾਈਨ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਡੀਜੀਪੀ ਵੀ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ 3 ਮੁੱਖ ਨੁਕਤਿਆਂ 'ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਨਸ਼ਿਆਂ ਦੀ ਵਿਕਰੀ ਵਧਣ ਦੀ ਸੰਭਾਵਨਾ ਹੈ, ਜੇਕਰ ਚੋਣਾਂ ਦੌਰਾਨ ਨਸ਼ਾ ਤਸਕਰੀ ਦੀ ਬਰਾਮਦਗੀ ਹੁੰਦੀ ਹੈ ਤਾਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਨਸ਼ਾ ਕਿਥੋਂ ਆਇਆ ਤੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ, ਦੀ ਸਾਰੀ ਕਾਰਵਾਈ ਕੀਤੀ ਜਾਵੇ।
ਇਸ ਦੇ ਨਾਲ ਹੀ ਸੀ ਐਮ ਮਾਨ ਨੇ ਮੀਟਿੰਗ ਵਿੱਚ ਸਾਰੇ ਪੁਲਸ ਮੁਲਾਜ਼ਮਾਂ ਨੂੰ ਫੜੇ ਗਏ ਨਸ਼ਾ ਤਸਕਰ ਦੇ ਬੈਕਵਰਡ ਲਿੰਕ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਨ੍ਹਾਂ ਸਮੱਗਲਰਾਂ ਦੀ ਚੇਨ ਆਸਾਨੀ ਨਾਲ ਤੋੜੀ ਜਾ ਸਕੇ। ਦੱਸ ਦੇਈਏ ਕਿ ਲੋਕ ਸਭਾ ਚੋਣਾਂ 'ਚ ਜ਼ਿਆਦਾ ਸਮਾਂ ਨਹੀਂ ਬਚਿਆ। ਮੀਟਿੰਗ ਵਿੱਚ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਕਈ ਫੈਸਲੇ ਲਏ ਗਏ।
ਨਾਕੇ ਲਗਾਉਣ ਸਮੇਂ ਸਾਵਧਾਨੀ ਵਰਤੀ ਜਾਵੇ
ਮੀਟਿੰਗ ਵਿੱਚ ਸੀਐਮ ਮਾਨ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਚੋਣਾਂ ਲਈ ਬਾਹਰੋਂ ਵੀ ਵੱਡੀ ਗਿਣਤੀ ਵਿੱਚ ਫੋਰਸ ਪੰਜਾਬ ਵਿੱਚ ਆਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨਾਕੇ ਲਗਾਏ ਜਾਣ ਤਾਂ ਕੁਝ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਕਿਸੇ ਦੇ ਧਾਰਮਕ ਚਿੰਨ੍ਹਾਂ ਦਾ ਅਪਮਾਨ ਨਾ ਕੀਤਾ ਜਾਵੇ। ਨਾਕਿਆਂ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਇਸ ਬਾਰੇ ਪਹਿਲਾਂ ਹੀ ਜਾਣੂ ਕਰਵਾਇਆ ਜਾਵੇ, ਤਾਂ ਜੋ ਧਾਰਮਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।
ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ
ਆਈ ਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸੀਐਮ ਨੇ ਕਿਹਾ ਕਿ ਚੋਣਾਂ ਸਬੰਧੀ ਹਦਾਇਤਾਂ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਸ.ਐਸ.ਪੀ ਅਤੇ ਕਮਿਸ਼ਨਰ ਪੁਲਿਸ ਅਧਿਕਾਰੀਆਂ ਨੂੰ ਜਾਗਰੂਕ ਕੀਤਾ ਜਾਵੇ।
ਚੋਣਾਂ ਲਈ 25 ਤੋਂ ਵੱਧ ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ
ਆਈਜੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਕੇਂਦਰੀ ਹਥਿਆਰਬੰਦ ਪੁਲਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਪਹਿਲਾਂ ਹੀ ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਸ ਬਲ (ਸੀਆਰਪੀਐਫ) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।