ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸਿਹਤ ਬੁੱਧਵਾਰ ਦੇਰ ਰਾਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਹਨਾਂ ਨੂੰ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਪੇਟ ਦੀ ਇਨਫੈਕਸ਼ਨ ਕਾਰਨ ਸਵੇਰੇ 3 ਵਜੇ ਹਸਪਤਾਲ ਲਿਆਂਦਾ ਗਿਆ।
ਪੇਟ ਦੀ ਦੱਸੀ ਜਾ ਰਹੀ ਇਨਫੈਕਸ਼ਨ
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਪੇਟ ਦੀ ਇਨਫੈਕਸ਼ਨ ਕਾਰਨ ਦੇਰ ਰਾਤ ਇੰਦਰਾ ਗਾਂਧੀ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਸੁੱਖੂ ਦਾ ਅਲਟਰਾਸਾਊਂਡ ਕੀਤਾ ਗਿਆ। ਅਲਟਰਾਸਾਊਂਡ ਦੀ ਰਿਪੋਰਟ ਨਾਰਮਲ ਹੈ ਅਤੇ ਉਹਨਾਂ ਦੀ ਹਾਲਤ ਵੀ ਪੂਰੀ ਤਰ੍ਹਾਂ ਸਥਿਰ ਹੈ। ਫਿਲਹਾਲ ਉਹ ਇੰਦਰਾ ਗਾਂਧੀ ਮੈਡੀਕਲ ਕਾਲਜ ਵਿੱਚ ਹੀ ਦਾਖਲ ਹਨ। ਉਹਨਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ। ਨਿਰੀਖਣ ਦੌਰਾਨ ਕਈ ਹੋਰ ਟੈਸਟ ਵੀ ਕੀਤੇ ਜਾਣਗੇ।
ਡਾਕਟਰਾਂ ਨੇ ਆਰਾਮ ਦੀ ਦਿੱਤੀ ਸਲਾਹ
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨਰੇਸ਼ ਚੌਹਾਨ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਸਵੇਰੇ 3 ਵਜੇ ਆਈਜੀਐਮਸੀ ਲਿਆਂਦਾ ਗਿਆ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਦੋ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ। ਕੁਝ ਟੈਸਟ ਹੋਣੇ ਬਾਕੀ ਹਨ, ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਤੋਂ ਘਰ ਭੇਜ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਲਗਾਤਾਰ ਦੌਰੇ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ।