ਲੁਧਿਆਣਾ ਵਿੱਚ ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਈ ਗਈ। ਇਸ ਪ੍ਰੋਗਰਾਮ 'ਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਸ਼ਿਰਕਤ ਕੀਤੀ। ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਪ੍ਰੋਗਰਾਮ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ।
ਵਿਧਾਇਕ ਬਣਨਾ ਆਸਾਨ, ਸਰਪੰਚ ਬਣਨਾ ਔਖਾ
ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਸਾਡੀ ਪਾਰਟੀ ਬਣੀ ਨੂੰ 12 ਸਾਲ ਹੋ ਗਏ ਹਨ। ਅਸੀਂ ਕਈ ਚੋਣਾਂ ਲੜੀਆਂ। ਵਿਧਾਇਕ ਬਣਨਾ ਆਸਾਨ ਹੈ, ਪਰ ਸਰਪੰਚ ਬਣਨਾ ਔਖਾ ਹੈ। ਆਪ ਸਭ ਨੂੰ ਸਰਪੰਚ ਬਣਨ ਦੀਆਂ ਬਹੁਤ ਬਹੁਤ ਮੁਬਾਰਕਾਂ। ਤੁਹਾਨੂੰ ਲੋਕਾਂ ਵੱਲੋਂ ਚੁਣਿਆ ਗਿਆ ਹੈ, ਇਸ ਲਈ ਤੁਸੀਂ ਆਪਣੇ ਪਿੰਡ ਅਤੇ ਲੋਕਾਂ ਲਈ ਕੰਮ ਕਰਨਾ ਹੈ ਕਿਉਂਕਿ ਤੁਹਾਨੂੰ ਸੇਵਾ ਕਰਨ ਦਾ ਇਹ ਮੌਕਾ ਮਿਲਿਆ ਹੈ। ਰੱਬ ਤੁਹਾਡੇ ਰਾਹੀਂ ਤੁਹਾਡੇ ਪਿੰਡ ਦਾ ਭਲਾ ਕਰਨਾ ਚਾਹੁੰਦਾ ਹੈ।
ਪਿੰਡਾਂ ਵਿੱਚੋਂ ਨਸ਼ਾ ਖਤਮ ਕਰਨ ਲਈ ਸਖਤ ਕਦਮ ਚੁੱਕੋ
ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੇ ਤੁਹਾਡੇ 'ਤੇ ਭਰੋਸਾ ਜਤਾਇਆ ਹੈ। ਇਸ ਲਈ ਆਪਣੇ ਪਿੰਡ ਦੇ ਲੋਕਾਂ ਲਈ ਕੰਮ ਕਰੋ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਪਿੰਡਾਂ ਵਿੱਚੋਂ ਨਸ਼ਾ ਖਤਮ ਕਰਨ ਲਈ ਸਖਤ ਕਦਮ ਚੁੱਕੇ ਜਾਣ।
ਸੀ ਐਮ ਭਗਵੰਤ ਮਾਨ ਨੇ ਕਿਹਾ- ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣਾ ਹੈ
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਸੀਂ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣਾ ਹੈ। ਸਰਪੰਚਾਂ ਨੇ ਪਿੰਡਾਂ ਦੀ ਨੁਹਾਰ ਬਦਲਣੀ ਹੈ। ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰੀ ਮਦਦ ਦਿੱਤੀ ਜਾਵੇਗੀ। ਪਿੰਡ ਦੇ ਲੋਕ ਜਾਣਦੇ ਹਨ ਕਿ ਕੌਣ ਨਸ਼ਾ ਵੇਚਦਾ ਹੈ ਅਤੇ ਕੌਣ ਖਰੀਦਦਾ ਹੈ। ਲੋਕ ਵੀ ਪੁਲਸ ਨੂੰ ਸਹਿਯੋਗ ਕਰਨ, ਤਾਂ ਜੋ ਨਸ਼ਾ ਵੇਚਣ ਵਾਲਿਆਂ ਉਤੇ ਨਕੇਲ ਕੱਸੀ ਜਾਵੇ, ਸੂਚਨਾ ਦੇਣ ਵਾਲੇ ਦਾ ਨਾਂ ਪਤਾ ਗੁਪਤ ਰੱਖਿਆ ਜਾਵੇਗਾ। ਪਿੰਡਾਂ ਵਿੱਚ ਏਕਤਾ ਬਣਾਈ ਰੱਖਣੀ ਚਾਹੀਦੀ ਹੈ। 45 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਬਿਜਲੀ ਮੁਫਤ ਕੀਤੀ ਗਈ ਹੈ।
157 ਬੱਚਿਆਂ ਨੇ IIT ਦੀ ਪ੍ਰੀਖਿਆ ਪਾਸ ਕੀਤੀ
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਗਰੀਬੀ ਵਿਚੋਂ ਨਿਕਲਣ ਦਾ ਸਭ ਤੋਂ ਵਧੀਆ ਤਰੀਕਾ ਸਿੱਖਿਆ ਹੈ। ਅਸੀਂ ਤੁਹਾਡੇ ਬੱਚਿਆਂ ਨੂੰ ਪੜ੍ਹਾਵਾਂਗੇ। ਦਿੱਲੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 157 ਬੱਚਿਆਂ ਨੇ ਆਈਆਈਟੀ ਦੀ ਪ੍ਰੀਖਿਆ ਪਾਸ ਕੀਤੀ ਹੈ।
ਜ਼ਿਮਨੀ ਚੋਣਾਂ ਤੋਂ ਬਾਅਦ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ
ਰਾਜ ਦੇ 4 ਜ਼ਿਲ੍ਹਿਆਂ ਦੇ 3200 ਸਰਪੰਚ ਅਤੇ ਸਾਰੇ 23 ਜ਼ਿਲ੍ਹਿਆਂ ਦੇ 81 ਹਜ਼ਾਰ 808 ਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਇਹ ਫੈਸਲਾ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਲਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹੁਸ਼ਿਆਰਪੁਰ, ਗੁਰਦਾਸਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸ਼ਾਮਲ ਹਨ। ਇੱਥੇ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ। ਰਾਜ ਦੇ 23 ਜ਼ਿਲ੍ਹਿਆਂ ਵਿੱਚ 13,147 ਗ੍ਰਾਮ ਪੰਚਾਇਤਾਂ ਹਨ।