ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਮੰਡਿਆਲਾ ਪਿੰਡ ਨੇੜੇ ਸ਼ੁੱਕਰਵਾਰ ਰਾਤ ਨੂੰ ਐਲਪੀਜੀ ਟੈਂਕਰ ਵਿੱਚ ਧਮਾਕਾ ਹੋਇਆ। ਐਲਪੀਜੀ ਨਾਲ ਭਰਿਆ ਟੈਂਕਰ ਇੱਕ ਮਿੰਨੀ ਟਰੱਕ ਨਾਲ ਟਕਰਾਉਣ ਕਾਰਨ ਪਲਟ ਗਿਆ ਅਤੇ ਅੱਗ ਲੱਗ ਗਈ। ਇਸ ਹਾਦਸੇ ਵਿੱਚ 4 ਲੋਕ ਜ਼ਿੰਦਾ ਸੜ ਗਏ। ਤੀਹ ਤੋਂ ਵੱਧ ਲੋਕ ਝੁਲਸ ਗਏ । ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਇਸ ਘਟਨਾ ਬਾਰੇ ਮੁੱਖ ਮੰਤਰੀ ਮਾਨ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ।
ਮੁਆਵਜ਼ੇ ਦਾ ਐਲਾਨ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ ਅਤੇ ਜ਼ਖਮੀਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ।
ਕਈ ਘਰਾਂ ਸਮੇਤ 15 ਦੇ ਕਰੀਬ ਦੁਕਾਨਾਂ ਅੱਗ ਦੀ ਲਪੇਟ 'ਚ ਆਈਆਂ
ਦੱਸ ਦੇਈਏ ਕਿ ਗੈਸ ਲੀਕ ਹੋਣ ਕਾਰਨ ਅੱਗ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਵਿੱਚ 15 ਦੁਕਾਨਾਂ ਅਤੇ 4 ਘਰ ਸੜ ਗਏ। ਹਾਦਸੇ ਤੋਂ ਬਾਅਦ ਹੁਸ਼ਿਆਰਪੁਰ-ਜਲੰਧਰ ਰਾਸ਼ਟਰੀ ਰਾਜਮਾਰਗ ਬੰਦ ਹੈ। ਇਸ ਦੌਰਾਨ, ਲੋਕਾਂ ਨੇ ਸਵੇਰੇ ਮੁਆਵਜ਼ਾ ਅਤੇ ਮਾਮਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ। ਐਸਡੀਐਮ ਦੇ ਭਰੋਸੇ 'ਤੇ ਲੋਕਾਂ ਨੇ ਧਰਨਾ ਖਤਮ ਕਰ ਦਿੱਤਾ। ਜਿਸ ਤੋਂ ਬਾਅਦ ਸਰਕਾਰ ਨੇ ਪੀੜਿਤ ਪਰਿਵਾਰਾਂ ਨੂੰ ਵਿੱਤੀ ਮੱਦਦ ਦੇਣ ਦਾ ਐਲਾਨ ਕੀਤਾ ਹੈ।