ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਇਸ ਸਬੰਧੀ ਉਨ੍ਹਾਂ ਐਕਸ ਉਤੇ ਟਵੀਟ ਕੀਤਾ ਹੈ।
ਐਕਸ ਉਤੇ ਟਵੀਟ
ਸੀ ਐਮ ਮਾਨ ਨੇ ਐਕਸ ਉਤੇ ਲਿਖਿਆ - ਦਇਆ ਤੇ ਗਿਆਨ ਦੇ ਪੁੰਜ, ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮਾਤਮਾ ਦੀ ਭਜਨ ਬੰਦਗੀ ਵਿੱਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ।
ਗੁਰੂ ਹਰਿਰਾਇ ਸਾਹਿਬ ਜੀ ਬਾਰੇ
ਗੁਰੂ ਹਰਿ ਰਾਏ ਸਾਹਿਬ ਜੀ ਦਾ ਜਨਮ ਕੀਰਤਪੁਰ ਸਾਹਿਬ ਦੀ ਧਰਤੀ ’ਤੇ ਸੰਨ 1630 ਈਸਵੀ ਨੂੰ ਬਾਬਾ ਗੁਰਦਿੱਤਾ ਜੀ ਦੇ ਘਰ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ ਹੋਇਆ। ਬਾਬਾ ਗੁਰਦਿੱਤਾ ਜੀ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਸਭ ਤੋਂ ਵੱਡੇ ਪੁੱਤਰ ਸਨ। ਗੁਰੂ ਹਰਿ ਰਾਇ ਸਾਹਿਬ ਜੀ ਰਿਸ਼ਤੇ ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਲੱਗਦੇ ਸਨ।
ਗੁਰੂ ਹਰਿਰਾਇ ਜੀ ਦਾ ਵਿਆਹ 1640 ਈਸਵੀ ਨੂੰ ਮਾਤਾ ਕ੍ਰਿਸ਼ਨ ਕੌਰ (ਸੁਲੱਖਣੀ ਜੀ) ਨਾਲ ਹੋਇਆ। ਗੁਰੂ ਜੀ ਦੇ ਘਰ ਦੋ ਪੁੱਤਰਾਂ ਨੇ ਜਨਮ ਲਿਆ। ਵੱਡੇ ਪੁੱਤਰ ਬਾਬਾ ਰਾਮ ਰਾਏ ਜੀ ਸਨ ਅਤੇ ਛੋਟੇ ਪੁੱਤਰ ਗੁਰੂ ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਸਨ।
ਸੰਨ 1644 ਵਿੱਚ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਜੀ ਜਦੋਂ ਜੋਤੀ ਜੋਤ ਸਮਾਏ ਤਾਂ ਉਨ੍ਹਾਂ ਨੇ ਗੁਰਤਾਗੱਦੀ ਦੇ ਯੋਗ ਜਾਣ ਕੇ ਆਪਣੇ ਪੋਤਰੇ ਗੁਰੂ ਹਰਿਰਾਇ ਸਾਹਿਬ ਜੀ ਨੂੰ ਗੁਰਤਾ ਗੱਦੀ ਦੀ ਦਾਤ ਬਖਸ਼ਿਸ਼ ਕੀਤੀ ਕਿਉਂਕਿ ਸ੍ਰੀ ਗੁਰੂ ਨਾਨਕ ਸਾਹਿਬ ਸੱਚੇ ਪਾਤਸ਼ਾਹ ਜੀ ਦੇ ਸਮੇਂ ਤੋਂ ਹੀ ਇਹ ਰੀਤ ਚੱਲੀ ਆ ਰਹੀ ਸੀ ਕਿ ਗੁਰੂ ਸਾਹਿਬ ਜੀ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਹੀ ਆਪਣੇ ਅਗਲੇ ਉੱਤਰਾਧਿਕਾਰੀ ਨੂੰ ਗੁਰਤਾਗੱਦੀ ਦੀ ਦਾਤ ਦੇ ਦਿੰਦੇ ਸਨ। ਗੁਰਤਾਗੱਦੀ ਦੀ ਦਾਤ ਕਿਸੇ ਰਿਸ਼ਤੇਦਾਰੀ ਦੇ ਕਾਰਨ ਨਹੀਂ ਬਲਕਿ ਮਹਿਜ਼ ਯੋਗਤਾ ਦੇ ਆਧਾਰ ’ਤੇ ਹੀ ਦਿੱਤੀ ਜਾਂਦੀ ਸੀ।