ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦੀ ਸਭਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸੀ ਐੱਮ ਮਾਨ ਨੇ ਸੀਨੀਅਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਸੜਕਾਂ ਦੀ ਮੁਰੰਮਤ ਲਈ ਫ਼ੰਡ ਅਲਾਟ ਕੀਤੇ ਗਏ
ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫ਼ੰਡ ਅਲਾਟ ਕੀਤੇ ਗਏ ਹਨ, ਇਸ ਲਈ ਇਹ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਮੁੱਖ ਸੜਕਾਂ ਦੀ ਮੁਰੰਮਤ ਯਕੀਨੀ ਬਣਾਉਣ ਲਈ ਕਿਹਾ। ਨਾਲ ਹੀ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਸਭਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਹੈਲਪਲਾਈਨ ਸੈਂਟਰ ਸਥਾਪਤ ਕੀਤੇ ਜਾਣਗੇ
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਜਾਂਦੀ ਹਰ ਸੜਕ 'ਤੇ ਹੈਲਪਲਾਈਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਸਭਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਹਰ ਥਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੇ ਘੇਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਸ਼ਹੀਦੀ ਸਭਾ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾਂਜਲੀ ਭੇਟ ਕਰਨ ਆਉਂਦੀਆਂ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਹਰ ਸਾਲ ਨਤਮਸਤਕ ਹੋਣ ਲਈ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਸਭਾ ਦੌਰਾਨ ਸ਼ਹਿਰ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪਾਵਨ ਧਰਤੀ ਸਿੱਖਾਂ ਲਈ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਇੱਥੇ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾਂਜਲੀ ਭੇਟ ਕਰਨ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਖ਼ੁਦ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਪਾਵਨ ਧਰਤੀ 'ਤੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੀ ਸ਼ਹਾਦਤ ਨੇ ਮੁੱਢ ਤੋਂ ਪੰਜਾਬੀਆਂ ਨੂੰ ਅਨਿਆਂ, ਤਸ਼ੱਦਦ ਅਤੇ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਦਿੱਤੀ ਗਈ ਮਹਾਨ ਕੁਰਬਾਨੀ ਦੀ ਦੁਨੀਆਂ ਦੇ ਇਤਿਹਾਸ ’ਚ ਕਿਤੇ ਕੋਈ ਮਿਸਾਲ ਨਹੀਂ ਮਿਲਦੀ।