ਪੰਜਾਬ ਭਰ 'ਚ ਰੈਵਨਿਊ ਅਫ਼ਸਰ ਹੜਤਾਲ 'ਤੇ ਚਲੇ ਗਏ ਹਨ। ਹੁਣ ਸੀਐਮ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਸੀਐਮ ਮਾਨ ਨੇ ਇਸ ਮੁੱਦੇ 'ਤੇ ਸਖ਼ਤ ਫੈਸਲਾ ਲਿਆ ਹੈ ਅਤੇ ਸਿੱਧੀ ਚੇਤਾਵਨੀ ਜਾਰੀ ਕੀਤੀ ਹੈ।
CM ਮਾਨ ਨੇ ਕਿਹਾ-ਸਮੂਹਿਕ ਛੁੱਟੀ ਮੁਬਾਰਕ
ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ, ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ|
ਹੁਣ ਕਾਨੂੰਨਗੋ ਕਰੇਗਾ ਜ਼ਮੀਨ ਦੀ ਰਜਿਸਟਰੀ
ਪੰਜਾਬ ਸਰਕਾਰ ਨੇ ਅਜ਼ਮਾਇਸ਼ੀ ਤੌਰ ’ਤੇ ਇੱਕ ਕਾਨੂੰਨਗੋ ਨੂੰ ਸਬ-ਰਜਿਸਟਰਾਰ ਦਾ ਚਾਰਜ ਦੇ ਕੇ ਬਠਿੰਡਾ ਤਹਿਸੀਲ ’ਚ ਰਜਿਸਟਰੀਆਂ ਕਰਨ ਦਾ ਅਧਿਕਾਰ ਦਿੱਤਾ ਹੈ। ਡੀਸੀ ਬਠਿੰਡਾ ਸ਼ੌਕਤ ਅਹਿਮਦ ਪਰੇ ਦਾ ਕਹਿਣਾ ਸੀ ਕਿ ਸਦਰ ਕਾਨੂੰਨਗੋ ਨੂੰ ਅੱਜ ਇੱਕ ਦਿਨ ਲਈ ਸਬ- ਰਜਿਸਟਰਾਰ ਦਾ ਚਾਰਜ ਦਿੱਤਾ ਗਿਆ ਸੀ ਅਤੇ ਉਨ੍ਹਾਂ ਅੱਜ ਰਜਿਸਟਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮਾਲ ਅਫ਼ਸਰਾਂ ਦੀ ਹੜਤਾਲ ਜਾਰੀ ਰਹਿੰਦੀ ਹੈ ਤਾਂ ਉਪਰੋਕਤ ਚਾਰਜ ਦਾ ਸਮਾਂ ਵਧਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਤਹਿਸੀਲਦਾਰ ਦਫ਼ਤਰ ਵਿੱਚ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ।