ਖਬਰਿਸਤਾਨ ਨੈੱਟਵਰਕ- ਪੰਜਾਬ ਸਰਕਾਰ ਨੇ ਤਹਿਸੀਲਾਂ ਤੇ ਸਬ ਤਹਿਸੀਲਾਂ ਲਈ ਨਵੇਂ ਹੁਕਮ ਜਾਰੀ ਕਰਦੇ ਹੋਏ ਸਖਤ ਆਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਦਫਤਰਾਂ ਵਿੱਚ ਅਫਸਰਾਂ ਦੀ ਮਨਮਾਨੀ ਨੂੰ ਖਤਮ ਕਰਨ ਲਈ ਸਰਕਾਰ ਨੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਸਬ-ਰਜਿਸਟਰਾਰਾਂ ਦੀ ਹਾਜ਼ਰੀ ਨੂੰ ਐਮ-ਸੇਵਾ ਐਪ ਰਾਹੀਂ ਯਕੀਨੀ ਬਣਾਉਣ ਲਈ ਕਿਹਾ ਹੈ।
ਸਵੇਰੇ 9 ਵਜੇ ਤੱਕ ਪਹੁੰਚਣਾ ਹੋਵੇਗਾ ਦਫਤਰ
ਪੰਜਾਬ ਸਰਕਾਰ ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਫਤਰਾਂ ਵਿੱਚ ਹਾਜ਼ਰ ਰਹਿਣਗੇ। ਇਸ ਦੇ ਨਾਲ ਹੀ, ਅਧਿਕਾਰੀਆਂ ਦੀ ਫਰਲੋ (ਛੁੱਟੀ) ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਦੀ ਨਿਯਮਤ ਹਾਜ਼ਰੀ ਨੂੰ ਸੁਨਿਸ਼ਚਿਤ ਕਰਨ ਅਤੇ ਕਿਸੇ ਵੀ ਅਧਿਕਾਰੀ ਦੀ ਗੈਰ-ਹਾਜ਼ਰੀ ਦੀ ਸਥਿਤੀ ਵਿੱਚ ਤੁਰੰਤ ਬਦਲਵੇਂ ਪ੍ਰਬੰਧ ਕਰਨ।
ਮੁੱਖ ਮੰਤਰੀ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਰਜਿਸਟ੍ਰੇਸ਼ਨ ਅਤੇ ਹੋਰ ਸਰਕਾਰੀ ਕੰਮਾਂ ਵਿੱਚ ਕੋਈ ਦੇਰੀ ਜਾਂ ਰੁਕਾਵਟ ਨਹੀਂ ਹੋਣੀ ਚਾਹੀਦੀ। ਸਰਕਾਰ ਨੇ ਇਹ ਵੀ ਨਿਰਦੇਸ਼ ਜਾਰੀ ਕੀਤਾ ਹੈ ਕਿ ਜਿਹੜੇ ਲੋਕ ਆਨਲਾਈਨ ਸਮਾਂ ਲੈਂਦੇ ਹਨ, ਉਨ੍ਹਾਂ ਦੀ ਰਜਿਸਟ੍ਰੇਸ਼ਨ ਉਸੇ ਦਿਨ ਪੂਰੀ ਕੀਤੀ ਜਾਵੇ। ਇਸ ਫੈਸਲੇ ਦਾ ਮਕਸਦ ਸਰਕਾਰੀ ਦਫਤਰਾਂ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣਾ ਹੈ, ਤਾਂ ਜੋ ਆਮ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮਿਲ ਸਕਣ।