ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅੱਜ ਕਈ ਮੁੱਦੇ ਵਿਚਾਰੇ ਗਏ।ਦੱਸ ਦੇਈਏ ਕਿ ਮੀਟਿੰਗ ਵਿਚ ਪੰਜਾਬ ਸਰਕਾਰ ਨੇ ਸਤਲੁਜ ਯਮੁਨਾ ਲਿੰਕ (SYL) ਦੇ ਮੁੱਦੇ 'ਤੇ ਵਿਚਾਰ-ਚਰਚਾ ਕੀਤੀ। ਮੀਟਿੰਗ 45 ਮਿੰਟ ਤੱਕ ਚੱਲੀ।
ਕਿਸੇ ਸੂਬੇ ਨੂੰ ਪਾਣੀ ਦੀ ਇਕ ਬੂੰਦ ਵੀ ਨਹੀਂ ਦੇਵਾਂਗੇ
ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿਚ ਕਿਹਾ ਕਿ ਅਸੀਂ ਕਿਸੇ ਵੀ ਕੀਮਤ 'ਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵਾਂਗੇ। ਇਸ ਦੌਰਾਨ ਜਲਦੀ ਹੀ ਮਾਨਸੂਨ ਸੈਸ਼ਨ ਬੁਲਾਉਣ ਬਾਰੇ ਵੀ ਵਿਚਾਰ ਹੋਈ।
ਸੁਪਰੀਮ ਕੋਰਟ ਨੇ ਲਾਈ ਸੀ ਪੰਜਾਬ ਸਰਕਾਰ ਨੂੰ ਫਟਕਾਰ
ਦੱਸਣਾ ਬਣਦਾ ਹੈ ਕਿ ਬੀਤੇ ਦਿਨ ਸੁਪਰੀਮ ਕੋਰਟ ਨੇ ਐਸਵਾਈਐਲ ਨਹਿਰ 'ਤੇ ਪੰਜਾਬ ਸਰਕਾਰ ਨੂੰ ਝਾੜ ਪਾਈ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਸਿਆਸਤ ਨਹੀਂ ਕਰਨੀ ਚਾਹੀਦੀ। ਉਸ ਨੂੰ ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ।
ਪੇਂਡੂ ਵਿਕਾਸ ਫੰਡ 'ਤੇ ਚਰਚਾ
ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ RDF ਬਾਰੇ ਵੀ ਕੈਬਨਿਟ ਮੀਟਿੰਗ ਵਿੱਚ ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਰਡੀਐਫ ਸਬੰਧੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਇਸ 'ਤੇ ਰਾਜਪਾਲ ਨੇ 50 ਹਜ਼ਾਰ ਕਰੋੜ ਰੁਪਏ ਦੇ ਲਏ ਕਰਜ਼ੇ ਦਾ ਹਿਸਾਬ ਮੰਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਸਬੰਧੀ ਰਾਜਪਾਲ ਨੂੰ ਜਵਾਬ ਦਿੱਤਾ ਹੈ।