ਚੰਡੀਗੜ੍ਹ ਮੇਅਰ ਚੋਣਾਂ 'ਚ ਹਾਰ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ 'ਆਪ' ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਤੈਅ ਕੀਤੀ ਹੈ।
ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਇਸ ਧੋਖਾਧੜੀ ਦੇ ਖਿਲਾਫ ਆਮ ਆਦਮੀ ਪਾਰਟੀ ਅਤੇ ਕਾਂਗਰਸ ਸੁਪਰੀਮ ਕੋਰਟ ਵੀ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਚੰਡੀਗੜ੍ਹ ਮੇਅਰ ਦੀ ਚੋਣ ਲੋਕਤੰਤਰ ਦੇ ਕਤਲ ਦੀ ਮਿਸਾਲ ਹੈ।
8 ਵੋਟਾਂ ਰੱਦ ਹੋਣ ਕਾਰਨ ਹਾਰੇ
ਚੰਡੀਗੜ੍ਹ ਮੇਅਰ ਚੋਣ ਦੇ ਮੰਗਲਵਾਰ ਨੂੰ ਆਏ ਨਤੀਜਿਆਂ ਤੋਂ ਬਾਅਦ ਅੱਠ ਵੋਟਾਂ ਰੱਦ ਹੋਣ ਕਾਰਨ ਆਮ ਆਦਮੀ ਪਾਰਟੀ ਦੇ ਮੇਅਰ ਉਮੀਦਵਾਰ ਦੀ ਹਾਰ ਹੋਈ। ਰਿਟਰਨਿੰਗ ਅਫਸਰ ਨੇ ਆਮ ਆਦਮੀ ਅਤੇ ਕਾਂਗਰਸ ਗਠਜੋੜ ਦੇ 8 ਕੌਂਸਲਰਾਂ ਦੀਆਂ ਵੋਟਾਂ ਅਯੋਗ ਕਰਾਰ ਦਿੱਤੀਆਂ ਸਨ। ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ 16-12 ਨਾਲ ਜਿੱਤੇ ਸਨ। ਚੋਣ ਅਧਿਕਾਰੀ ਅਨਿਲ ਮਸੀਹ 'ਤੇ ਕਈ ਦੋਸ਼ ਲਾਏ ਗਏ ਸਨ। ਵੀਡੀਓ 'ਚ ਉਹ ਵੋਟਾਂ ਨਾਲ ਛੇੜਛਾੜ ਕਰਦੇ ਨਜ਼ਰ ਆਏ ਸਨ।
ਦੂਜੇ ਪਾਸੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਇਸ ਮਾਮਲੇ 'ਚ ਭਾਜਪਾ 'ਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ 30 ਜਨਵਰੀ ਲੋਕਤੰਤਰ ਲਈ ਕਾਲਾ ਦਿਨ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ 'ਚ ਚੁੱਪ ਰਹਿਣ ਵਾਲੇ ਨਹੀਂ ਹਨ। ਪਾਰਟੀ ਸੁਪਰੀਮ ਕੋਰਟ ਦਾ ਦਰਵਾਜ਼ਾ ਵੀ ਖੜਕਾਏਗੀ।
ਸੁਪਰੀਮ ਕੋਰਟ ਤੋਂ ਪਹਿਲਾਂ ਬੁੱਧਵਾਰ ਨੂੰ ਹੀ ਮੇਅਰ ਚੋਣਾਂ 'ਚ ਧਾਂਦਲੀ ਨਾਲ ਜੁੜੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ’ਤੇ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਤਿੰਨ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ।
ਯੂਥ ਕਾਂਗਰਸ ਨੇ ਮੇਅਰ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ
ਕੱਲ੍ਹ ਚੰਡੀਗੜ੍ਹ ਵਿੱਚ ਯੂਥ ਕਾਂਗਰਸ ਦੇ ਮੈਂਬਰਾਂ ਨੇ ਮੇਅਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਕਾਂਗਰਸੀ ਤੇ ‘ਆਪ’ ਦੇ ਕੌਂਸਲਰ ਵੀ ਸੜਕਾਂ ’ਤੇ ਆ ਗਏ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹੱਥੋਪਾਈ ਵੀ ਹੋਈ। ਯੂਥ ਕਾਂਗਰਸੀ ਵਰਕਰਾਂ ਨੇ ਭ੍ਰਿਸ਼ਟਾਚਾਰ ਬੰਦ ਕਰੋ ਦੇ ਨਾਅਰੇ ਵੀ ਲਗਾਏ। ਕੁਝ ਸਮੇਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।