ਕਾਂਗਰਸ ਵਲੋਂ ਜਲੰਧਰ ਸੀਟ ਤੋਂ ਲੋਕ ਸਭਾ ਉਮੀਦਵਾਰ ਵਜੋਂ ਟਿਕਟ ਮਿਲਣ ਉਪਰੰਤ ਅੱਜ ਚਰਨਜੀਤ ਸਿੰਘ ਚੰਨੀ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰੂ ਘਰ ਮੱਥਾ ਟੇਕਣ ਲਈ ਪੁੱਜੇ। ਐਤਵਾਰ (14 ਅਪ੍ਰੈਲ) ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਛੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਸੀ, ਜਿਸ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ।
ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਇਸ ਮੌਕੇ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਮੈਨੂੰ ਦੋਆਬੇ ਤੋਂ ਲੈ ਕੇ ਜਲੰਧਰ ਸੀਟ ਤੱਕ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਇਸ ਲਈ ਮੈਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰੂ ਘਰ ਆਇਆ ਹਾਂ। ਚੰਨੀ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਦੱਸ ਦੇਈਏ ਕਿ ਅੰਮ੍ਰਿਤਸਰ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਕਾਂਗਰਸ ਦੀ ਟਿਕਟ 'ਤੇ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।
ਚਮਕੌਰ ਸਾਹਿਬ ਤੋਂ ਆਜ਼ਾਦ ਜਿੱਤੇ ਸਨ
ਚੰਨੀ ਨੇ ਕਿਹਾ ਕਿ ਖਰੜ ਤੋਂ ਚਮਕੌਰ ਸਾਹਿਬ ਗਿਆ ਤਾਂ ਲੋਕਾਂ ਨੇ ਮੈਨੂੰ ਉਥੋਂ ਆਜ਼ਾਦ ਉਮੀਦਵਾਰ ਵਜੋਂ ਜਿਤਾਇਆ। ਮੈਂ ਉੱਥੇ ਵੀ ਲੋਕਾਂ ਦੀ ਸੇਵਾ ਕੀਤੀ। ਚਮਕੌਰ ਸਾਹਿਬ ਵਿੱਚ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਚੰਨੀ ਨੇ ਕਿਹਾ ਕਿ ਉਸ ਨੂੰ ਵਿਕਾਸ ਦਾ ਸ਼ੌਕ ਹੈ ਅਤੇ ਮੈਂ ਵੀ ਇਸੇ ਸ਼ੌਕ ਨਾਲ ਜਲੰਧਰ ਆ ਰਿਹਾ ਹਾਂ।