ਖਬਰਿਸਤਾਨ ਨੈੱਟਵਰਕ ਚੰਡੀਗੜ੍ਹ- ਪੰਜਾਬ ਵਿਚ ਕੁਝ ਦਿਨਾਂ ਤੋਂ ਹੋ ਰਹੀ ਤੇਜ਼ ਬਾਰਸ਼ ਕਾਰਣ ਜਨ-ਜੀਵਨ ਬੁਰੀ ਤਰਾਂ ਪ੍ਰਭਾਵਤ ਹੋਇਆ ਹੈ। ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੇ ਮੱਦੇਨਜ਼ਰ ਕਈ ਇਲਾਕਿਆਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸ਼ਹਿਰਾਂ ਅਤੇ ਪਿੰਡਾਂ ਦੀਆਂ ਮੁੱਖ ਥਾਵਾਂ 'ਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਆਵਾਜਾਈ ਵਿਚ ਵੀ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ। ਇਸ ਭਾਰੀ ਆਫਤ ਕਾਰਣ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਨੇ ਸੂਬੇ ਭਰ ਦੇ ਸਕੂਲਾਂ ਵਿਚ 13 ਜੁਲਾਈ ਤਕ ਛੁਟੀਆਂ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁਹਾਲੀ, ਖਰੜ ਅਤੇ ਰੋਪੜ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕੀਤਾ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨ ਦਾ ਫ਼ਰਜ਼ ਜ਼ਰੂਰ ਨਿਭਾਓ ਅਤੇ ਇਸ ਕੁਦਰਤੀ ਆਫ਼ਤ ਨਾਲ ਇਕੱਠੇ ਹੋ ਕੇ ਨਜਿੱਠਾਂਗੇ। ਉਨ੍ਹਾਂ ਦੱਸਿਆ ਕਿ ਸਾਰੇ ਅਧਿਕਾਰੀ ਜ਼ਮੀਨੀ ਪੱਧਰ ’ਤੇ ਪਹੁੰਚ ਰਹੇ ਹਨ। ਅਫਸਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ।
ਇਸ ਸਬੰਧੀ ਮੁੱਖ ਮੰਤਰੀ ਨੇ ਟਵੀਟ ਕਰ ਕੇ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਾਸੀ ਕਿਸੇ ਕਿਸਮ ਦੀ ਘਬਰਾਹਟ ’ਚ ਨਾ ਆਉਣ। ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ-ਕੋਨੇ ਤੋਂ ਪਾਣੀ ਦੀ ਪਲ-ਪਲ ਦੀ ਜਾਣਕਾਰੀ ਲੈ ਰਿਹਾ ਹਾਂ। ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸ ਦਾ ਸਾਹਮਣਾ ਕਰਾਂਗੇ। ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਓਧਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਵੀ ਲੋਕਾਂ ਨੂੰ ਕਿਹਾ ਕਿ ਸਰਕਾਰ ਉਨਾਂ ਦੀ ਮਦਦ ਲਈ ਨਾਲ ਖੜੀ ਹੈ, ਘਬਰਾਉਣ ਦੀ ਲੋੜ ਨਹੀਂ।