ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰਜੀਐਨਯੂਐਲ), ਪਟਿਆਲਾ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।
ਵਿਦਿਆਰਥੀਆਂ ਨਾਲ ਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਕਾਰਨ ਪ੍ਰੇਸ਼ਾਨ ਨਹੀਂ ਹੋਣ ਦਿੱਤੀ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਧਿਕਾਰੀ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਕਿਸੇ ਵੀ ਕੀਮਤ 'ਤੇ ਇਨਸਾਫ਼ ਜਰੂਰ ਦਿਵਾਇਆ ਜਾਵੇਗਾ।
ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਖੜ੍ਹੀ ਸਰਕਾਰ
ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਸਾਰੀਆਂ ਘਟਨਾਵਾਂ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਜਾਣੋ ਕੀ ਹੈ ਪੂਰਾ ਮਾਮਲਾ
ਦਰਅਸਲ ਇਹ ਸਾਰਾ ਮਾਮਲਾ ਐਤਵਾਰ ਨੂੰ ਸ਼ੁਰੂ ਹੋਇਆ। ਜਦੋਂ ਵਾਈਸ ਚਾਂਸਲਰ (ਵੀਸੀ) ਨੇ ਬਿਨਾਂ ਨੋਟਿਸ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਦੇ ਕੱਪੜਿਆਂ 'ਤੇ ਟਿੱਪਣੀ ਕੀਤੀ ਤਾਂ ਸਾਰੀਆਂ ਵਿਦਿਆਰਥਣਾਂ ਗੁੱਸੇ 'ਚ ਆ ਗਈਆਂ। ਵਿਦਿਆਰਥੀਆਂ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥਣਾਂ ਦੇ ਮਾਪਿਆਂ ਨੂੰ ਆਪਣੇ ਕਮਰਿਆਂ ਜਾਂ ਹੋਸਟਲ ਕੈਂਪਸ ਵਿੱਚ ਵੀ ਨਹੀਂ ਆਉਣ ਦਿੰਦਾ।
ਪਰ ਵੀਸੀ ਬਿਨਾਂ ਕਿਸੇ ਨੂੰ ਦੱਸੇ ਚੈਕਿੰਗ ਕਰਦੇ ਹਨ, ਜੋ ਕਿ ਬਿਲਕੁਲ ਵੀ ਉਚਿਤ ਨਹੀਂ ਹੈ। ਉਸ ਆਪਣੇ ਰੂਮ 'ਚ ਜਿਸ ਵੀ ਹਾਲਤ 'ਚ ਬੈਠੇ ਸਨ ਉਨ੍ਹਾਂ 'ਤੇ ਟਿੱਪਣੀ ਕੀਤੀ । ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਵਿਦਿਆਰਥੀਆਂ ਨੇ ਘਰ ਜਾਣ ਤੋਂ ਕੀਤਾ ਇਨਕਾਰ
ਵਿਦਿਆਰਥੀ ਦਾ ਕਹਿਣਾ ਹੈ ਕਿ ਭਾਵੇਂ ਯੂਨੀਵਰਸਿਟੀ 'ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ , ਪਰ ਉਹ ਪਿੱਛੇ ਹਟਣ ਵਾਲੀ ਨਹੀਂ ਹੈ। ਵਿਦਿਆਰਥੀ ਐਤਵਾਰ ਤੋਂ ਹੀ ਸੰਘਰਸ਼ ਕਰ ਰਹੇ ਹਨ। ਇਹ ਪਹਿਲਾ ਮਾਮਲਾ ਹੈ, ਜਦੋਂ ਯੂਨੀਵਰਸਿਟੀ ਦੇ ਵੀਸੀ ’ਤੇ ਅਜਿਹੇ ਦੋਸ਼ ਲੱਗੇ ਹਨ। ਇਸ ਦੇ ਨਾਲ ਹੀ ਯੂਨੀਵਰਸਿਟੀ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।