ਪਰਾਲੀ ਸਾੜਨ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਗਲਤ ਜਾਣਕਾਰੀ ਦੇਣ ਲਈ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਸਾਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕੀਤਾ ਜਾਵੇ।
ਸੁਪਰੀਮ ਕੋਰਟ ਹਰਿਆਣਾ ਸਰਕਾਰ ਦੀ ਵੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਜਾਪਦੀ। ਰਿਪੋਰਟ ਅਨੁਸਾਰ ਜਸਟਿਸ ਅਭੈ ਐਸ ਓਕਾ, ਜਸਟਿਸ ਏ ਅਮਾਨਉੱਲਾ ਅਤੇ ਜਸਟਿਸ ਏ ਜੀ ਮਸੀਹ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਵੱਲੋਂ ਖੇਤਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਦੇ ਯਤਨਾਂ ਨੂੰ ਸਿਰਫ਼ ਇੱਕ ਦਿਖਾਵਾ ਕਰਾਰ ਦਿੱਤਾ ਹੈ।
ਅਦਾਲਤ ਨੇ ਦੋਵਾਂ ਰਾਜਾਂ ਦੀਆਂ ਸਰਕਾਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਸਰਕਾਰਾਂ ਸੱਚਮੁੱਚ ਹੀ ਕਾਨੂੰਨ ਨੂੰ ਲਾਗੂ ਕਰਨ ਵਿੱਚ ਦਿਲਚਸਪੀ ਰੱਖਦੀਆਂ ਹਨ ਤਾਂ ਘੱਟੋ-ਘੱਟ ਇੱਕ ਕੇਸ ਤਾਂ ਜ਼ਰੂਰ ਚਲਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇੱਥੋਂ ਤੱਕ ਕਿਹਾ ਕਿ ਹੁਣ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਇਹ ਯਾਦ ਦਿਵਾਉਣ ਦਾ ਸਮਾਂ ਆ ਗਿਆ ਹੈ ਕਿ ਪ੍ਰਦੂਸ਼ਣ ਮੁਕਤ ਵਾਤਾਵਰਣ ਵਿੱਚ ਰਹਿਣਾ ਨਾਗਰਿਕਾਂ ਦਾ ਮੌਲਿਕ ਅਧਿਕਾਰ ਹੈ।
ਧਾਰਾ 21 ਦੇ ਤਹਿਤ ਮੌਲਿਕ ਅਧਿਕਾਰਾਂ ਦੀ ਉਲੰਘਣਾ
ਪ੍ਰਦੂਸ਼ਣ ਵਿੱਚ ਰਹਿਣਾ ਧਾਰਾ 21 ਦੇ ਤਹਿਤ ਮੌਲਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਵਾ ਪ੍ਰਦੂਸ਼ਣ ਸਬੰਧੀ ਵਾਤਾਵਰਨ ਸੁਰੱਖਿਆ ਐਕਟ (ਈਪੀਏ) ਤਹਿਤ ਨਿਯਮ ਬਣਾਉਣ ਅਤੇ ਜ਼ਿੰਮੇਵਾਰ ਅਧਿਕਾਰੀ ਨਿਯੁਕਤ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ।
CAQM ਨੂੰ ਵੀ ਤਾੜਨਾ ਕੀਤੀ
ਦਿੱਲੀ-ਐਨਸੀਆਰ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਕਮਿਸ਼ਨ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਸਖ਼ਤੀ ਲਾਗੂ ਕਰਨ ਲਈ ਕੋਈ ਵਿਧੀ ਤਿਆਰ ਨਹੀਂ ਕੀਤੀ ਹੈ। ਪ੍ਰਦੂਸ਼ਣ ਰੋਕਣ ਵਿੱਚ ਨਾਕਾਮ ਰਹੇ ਅਧਿਕਾਰੀਆਂ ਖ਼ਿਲਾਫ਼ ਕੋਈ ਸਿੱਧੀ ਕਾਰਵਾਈ ਕਿਉਂ ਨਹੀਂ ਕੀਤੀ ਗਈ, ਸਗੋਂ ਉਨ੍ਹਾਂ ਨੂੰ ਸਿਰਫ਼ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ।
ਜਿਸ 'ਤੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਹੈ ਕਿ 10 ਦਿਨਾਂ ਦੇ ਅੰਦਰ ਪਰਾਲੀ ਸਾੜਨ ਵਾਲਿਆਂ ਵਿਰੁੱਧ CAQM ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਅਗਲੀ ਸੁਣਵਾਈ 4 ਨਵੰਬਰ ਨੂੰ ਹੋਵੇਗੀ।