ਪੰਜਾਬ ਵਿੱਚ ਠੰਡ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ ਪਰ ਇਸ ਦੇ ਬਾਵਜੂਦ ਕਈ ਸਕੂਲ ਪੁਰਾਣੇ ਸਮੇਂ ਅਨੁਸਾਰ ਹੀ ਸਕੂਲ ਖੋਲ੍ਹ ਰਹੇ ਹਨ ਅਤੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ। ਸਕੂਲਾਂ ਵੱਲੋਂ ਹੁਕਮਾਂ ਦੀ ਅਣਦੇਖੀ ਕਰਨ ਤੋਂ ਬਾਅਦ ਪੰਜਾਬ ਬਾਲ ਅਧਿਕਾਰ ਸੁਰੱਖਿਆ ਵਿਭਾਗ ਨੇ ਇਸ ਦਾ ਨੋਟਿਸ ਲਿਆ ਹੈ। ਜਿਸ ਤੋਂ ਬਾਅਦ ਸਿੱਖਿਆ ਵਿਭਾਗ ਨੂੰ ਉਲੰਘਣਾ ਕਰਨ ਵਾਲੇ ਸਕੂਲਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
ਉਲੰਘਣਾ ਕਰਨ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ
ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਲਗਾਤਾਰ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਕਾਰਨ ਉਹ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਰਹੇ ਹਨ, ਜਿਸ ਕਾਰਨ ਬੱਚਿਆਂ ਨੂੰ ਠੰਡ ਅਤੇ ਹਾਦਸਿਆਂ ਦਾ ਖਤਰਾ ਬਣ ਸਕਦਾ ਹੈ। ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਾਲ ਸੁਰੱਖਿਆ ਅਫ਼ਸਰਾਂ ਅਤੇ ਪੁਲਸ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।
ਸਕੂਲ ਵੈਨ ਨਾਲ ਹਾਦਸਾ ਵਾਪਰਿਆ ਸੀ
ਪਿਛਲੇ ਦਿਨੀਂ ਸਕੂਲ ਵੈਨਾਂ ਨਾਲ ਹਾਦਸੇ ਵਾਪਰੇ ਸਨ। ਜਿਸ ਵਿੱਚ ਕਈ ਬੱਚਿਆਂ ਦੀ ਜਾਨ ਖਤਰੇ ਵਿੱਚ ਪੈ ਗਈ ਸੀ। ਇਸ ਕਾਰਨ ਅਧਿਕਾਰ ਕਮਿਸ਼ਨ ਨੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਸਖ਼ਤੀ ਅਪਣਾਈ ਹੈ। ਕਮਿਸ਼ਨ ਨੇ ਕਿਹਾ ਕਿ ਜੇਕਰ ਕੋਈ ਸਕੂਲ ਸਰਕਾਰੀ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਅਤੇ ਕੋਈ ਹਾਦਸਾ ਵਾਪਰਦਾ ਹੈ ਤਾਂ ਉਸ ਲਈ ਸਬੰਧਤ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕ ਜ਼ਿੰਮੇਵਾਰ ਹੋਣਗੇ।
ਪੰਜਾਬ ਵਿੱਚ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਹੈ
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 1 ਨਵੰਬਰ ਤੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ ਸਵੇਰੇ 9 ਵਜੇ ਤੋਂ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਬੰਦ ਹੋਣਗੇ।