ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਹਨੇਰੀ, ਮੀਂਹ ਅਤੇ ਗੜੇਮਾਰੀ ਕਾਰਨ ਮੌਸਮ ਦਾ ਮਿਜ਼ਾਜ਼ ਫਿਰ ਬਦਲ ਗਿਆ ਹੈ। ਹਲਕੀ ਠੰਡ ਮਹਿਸੂਸ ਹੋਣ ਲੱਗੀ ਹੈ। ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਅਤੇ ਦਿਨ ਦੇ ਤਾਪਮਾਨ ਵਿੱਚ ਪੰਜ ਤੋਂ ਅੱਠ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ 10 ਮਾਰਚ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 11 ਮਾਰਚ ਤੋਂ ਬਾਅਦ ਮੁੜ ਮੌਸਮ ਵਿੱਚ ਬਦਲਾਅ ਆਉਣ ਦੀ ਸੰਭਾਵਨਾ ਹੈ।
ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ ਫ਼ਿਰੋਜ਼ਪੁਰ ਅਤੇ ਮੋਗਾ ਸਭ ਤੋਂ ਠੰਡ ਰਹੇ ਜਿੱਥੇ ਰਾਤ ਦਾ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਚਾਰ ਡਿਗਰੀ ਘੱਟ ਸੀ।
11 ਮਾਰਚ ਤੋਂ ਬਾਅਦ ਮੌਸਮ ਮੁੜ ਬਦਲ ਜਾਵੇਗਾ
ਬਠਿੰਡਾ ਅਤੇ ਫਰੀਦਕੋਟ ਵਿੱਚ ਰਾਤ ਦਾ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਪੰਜ ਡਿਗਰੀ ਘੱਟ ਸੀ। ਇਸ ਦੇ ਨਾਲ ਹੀ ਲੁਧਿਆਣਾ, ਜਲੰਧਰ, ਪਟਿਆਲਾ, ਰੋਪੜ ਅਤੇ ਅੰਮ੍ਰਿਤਸਰ ਵਿੱਚ ਰਾਤ ਦਾ ਤਾਪਮਾਨ ਛੇ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਤਿੰਨ ਡਿਗਰੀ ਘੱਟ ਸੀ। ਮੌਸਮ ਵਿਭਾਗ ਨੇ 10 ਮਾਰਚ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 11 ਮਾਰਚ ਤੋਂ ਬਾਅਦ ਮੁੜ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ।
ਚੰਡੀਗੜ੍ਹ 'ਚ ਅੱਜ ਮੌਸਮ ਬਦਲੇਗਾ
ਚੰਡੀਗੜ੍ਹ ਵਿੱਚ ਅੱਜ ਤੋਂ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ 'ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦਾ ਅਸਰ ਚੰਡੀਗੜ੍ਹ ਵਿੱਚ ਵੀ ਦੇਖਿਆ ਜਾ ਸਕਦਾ ਹੈ। ਇਸ ਕਾਰਨ ਅੱਜ ਅਤੇ ਕੱਲ੍ਹ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਇਹ ਪੱਛਮੀ ਗੜਬੜੀ ਬਹੁਤ ਪ੍ਰਭਾਵਸ਼ਾਲੀ ਨਹੀਂ ਹੈ। ਇਸ ਕਾਰਨ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ।