ਮੌਸਮ ਵਿਭਾਗ ਨੇ ਪੰਜਾਬ 'ਚ ਸੀਤ ਲਹਿਰ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਲਈ 19 ਦਸੰਬਰ ਤੱਕ ਅਲਰਟ ਜਾਰੀ ਕੀਤਾ ਹੈ। ਇਸ ਦਾ ਮੁੱਖ ਕਾਰਨ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਜੰਮੂ-ਕਸ਼ਮੀਰ ਦੇ ਨੇੜੇ ਦਬਾਅ ਖੇਤਰ ਦਾ ਬਣਨਾ ਅਤੇ ਨਵੇਂ ਪੱਛਮੀ ਗੜਬੜੀ ਦਾ ਸਰਗਰਮ ਹੋਣਾ ਹੈ। ਇਸ ਨਾਲ ਪੰਜਾਬ ਦਾ ਆਦਮਪੁਰ ਇਕ ਵਾਰ ਫਿਰ ਮੈਦਾਨੀ ਇਲਾਕਿਆਂ ਵਿਚ ਸਭ ਤੋਂ ਠੰਡਾ ਰਿਹਾ। ਫਰੀਦਕੋਟ ਵਿੱਚ ਤਾਪਮਾਨ ਸਿਫ਼ਰ ਦੇ ਨੇੜੇ ਪਹੁੰਚ ਗਿਆ ਹੈ। ਸੋਮਵਾਰ ਸਵੇਰੇ ਇੱਥੇ ਤਾਪਮਾਨ 0.6 ਡਿਗਰੀ ਦਰਜ ਕੀਤਾ ਗਿਆ।
18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ ਨਗਰ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 15 ਜ਼ਿਲ੍ਹੇ ਅਜਿਹੇ ਹਨ ਜਿੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ 4.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਆਦਮਪੁਰ ਸਭ ਤੋਂ ਠੰਡਾ ਰਿਹਾ, ਜਿੱਥੇ ਤਾਪਮਾਨ 1.3 ਡਿਗਰੀ ਦਰਜ ਕੀਤਾ ਗਿਆ। ਗੁਰਦਾਸਪੁਰ 'ਚ 2 ਡਿਗਰੀ, ਫਾਜ਼ਿਲਕਾ 'ਚ 2.6, ਰੋਪੜ 'ਚ 2.1, ਗੁਰਦਾਸਪੁਰ 'ਚ 3.5 ਅਤੇ ਅੰਮ੍ਰਿਤਸਰ 'ਚ 3.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਹਰਿਆਣਾ ਦੇ 16 ਜ਼ਿਲ੍ਹਿਆਂ ਵਿੱਚ ਸੀਤ ਲਹਿਰ
ਹਰਿਆਣਾ ਵਿੱਚ ਲਗਾਤਾਰ 8 ਦਿਨਾਂ ਤੋਂ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ ਨੇ 16 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਕੁਰੂਕਸ਼ੇਤਰ, ਕੈਥਲ, ਕਰਨਾਲ, ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ, ਰੋਹਤਕ, ਝੱਜਰ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਮੇਵਾਤ ਅਤੇ ਪਲਵਲ ਸ਼ਾਮਲ ਹਨ।