ਪੰਜਾਬ ਵਿੱਚ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਹੈ ਕਿ ਖੇਤਰੀ ਕੇਂਦਰਾਂ ਅਤੇ ਪੇਂਡੂ ਕੇਂਦਰਾਂ ਸਮੇਤ ਪੰਜਾਬ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਸਾਰੇ ਅਦਾਰੇ, ਕਾਲਜ ਅਤੇ ਮਾਨਤਾ ਪ੍ਰਾਪਤ ਕਾਲਜ ਬੰਦ ਰਹਿਣਗੇ।
ਇਸ ਤੋਂ ਇਲਾਵਾ ਸਾਰੇ ਅਦਾਰਿਆਂ ਦੇ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਇਹ ਫੈਸਲਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਲਿਆ ਗਿਆ ਹੈ। ਦੱਸ ਦੇਈਏ ਕਿ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਛੁੱਟੀ ਐਲਾਨੀ ਗਈ ਹੈ।
ਸਾਹਿਬਜ਼ਾਦਿਆਂ ਦਾ ਇਤਿਹਾਸ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹਰ ਸਾਲ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਲਗਦਾ ਹੈ। ਦੂਰ-ਦੁਰਾਡੇ ਤੋਂ ਸੰਗਤਾਂ ਸ਼ਹੀਦੀ ਦਿਹਾੜੇ 'ਤੇ ਮੱਥਾ ਟੇਕਣ ਆਉਂਦੀਆਂ ਹਨ। ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ ਤਾਂ ਉਨ੍ਹਾਂ ਦਾ ਪਰਿਵਾਰ ਸਰਸਾ ਨਦੀ 'ਤੇ ਵਿਛੜ ਗਿਆ। ਵੱਡੇ ਦੋ ਸਾਹਿਬਜ਼ਾਦੇ ਗੁਰੂ ਜੀ ਕੋਲ ਰਹੇ ਅਤੇ ਛੋਟੇ ਦੋ ਸਾਹਿਬਜ਼ਾਦੇ ਮਾਤਾ ਗੁਜਰੀ ਜੀ ਕੋਲ ਰਹੇ। ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ਦੀ ਮੁਗਲਾਂ ਨਾਲ ਜੰਗ ਦੌਰਾਨ ਸ਼ਹੀਦ ਹੋਏ ਸਨ।
ਛੋਟੇ ਸਾਹਿਬਜ਼ਾਦਿਆਂ ਨੂੰ ਨੀਂਹਾਂ ਵਿਚ ਚਿਣਵਾ ਕੇ ਸ਼ਹੀਦ ਕੀਤਾ ਗਿਆ ਸੀ
ਮੁਗਲਾਂ ਨੇ ਦੋਹਾਂ ਸਾਹਿਬਜ਼ਾਦਿਆਂ ਨੂੰ ਤਿੰਨ ਦਿਨ ਅਤੇ ਦੋ ਰਾਤਾਂ ਤਸੀਹੇ ਦੇਣ ਲਈ ਠੰਡੇ ਬੁਰਜ ਵਿਚ ਰੱਖਿਆ। ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਰਬਾਰ ਸਾਹਿਬ ਦੇ ਹੇਠਾਂ ਸਥਿਤ ਹੈ, ਸ੍ਰੀ ਭੋਰਾ ਸਾਹਿਬ ਜੋ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦਾ ਸ਼ਹੀਦੀ ਅਸਥਾਨ ਹੈ, ਜਿੱਥੇ 13 ਪੋਹ 1704 ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਦੋਨਾਂ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ 9 ਸਾਲ ਬਾਬਾ ਫਤਿਹ ਸਿੰਘ 7 ਸਾਲ ਜੀ ਨੂੰ ਸਰਹਿੰਦ ਦੇ ਨਵਾਬ ਵਜੀਰ ਖਾਨ ਦੇ ਹੁਕਮ ਨਾਲ ਜਿੰਦਾ ਦੀਵਾਰ ਵਿੱਚ ਚਿਣਵਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਵਿਯੋਗ ਵਿੱਚ ਮਾਤਾ ਗੁਜਰੀ ਜੀ ਨੇ ਵੀ ਆਪਣੇ ਪ੍ਰਾਣ ਤਿਆਗ ਦਿੱਤੇ ਸਨ।