ਖਬਰਿਸਤਾਨ ਨੈੱਟਵਰਕ ਜਲੰਧਰ- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਉਤੇ ਪੂਰਨ ਤੌਰ ਉਤੇ ਪਾਬੰਦੀ ਲਾ ਦਿੱਤੀ ਗਈ ਹੈ।
ਵਿਸ਼ੇਸ਼ ਸਾਰੰਗਲ ਨੇ ਆਦੇਸ਼ ਕੀਤੇ ਜਾਰੀ
ਜਾਣਕਾਰੀ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਾਈ ਹੈ।
ਧੂੰਏਂ ਕਾਰਣ ਸਿਹਤ ਨੂੰ ਹੁੰਦੈ ਨੁਕਸਾਨ
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਕਈ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ, ਜੋ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ ਅਤੇ ਵਾਤਾਵਰਣ ਨੂੰ ਵੀ ਪ੍ਰਦੂਸ਼ਿਤ ਕਰਦੀਆਂ ਹਨ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਦਾ ਨੁਕਸਾਨ ਹੁੰਦਾ ਹੈ ਅਤੇ ਮਿੱਟੀ ਵਿੱਚ ਮੌਜੂਦ ਕਈ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ।
ਸੜਕ ਹਾਦਸੇ ਦਾ ਵੀ ਬਣਦਾ ਹੈ ਕਾਰਣ
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਧੂੰਏਂ ਦੀ ਸੰਘਣੀ ਪਰਤ ਕਾਰਨ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ ਤੇ ਸੜਕ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਕਈ ਵਾਰ ਪਰਾਲੀ ਨੂੰ ਲਾਈ ਅੱਗ ਤੋਂ ਪੈਦਾ ਹੋਇਆ ਧੂੰਆਂ ਸੜਕਾਂ ਉਤੇ ਫੈਲ ਜਾਂਦਾ ਹੈ,ਜਿਸ ਕਾਰਣ ਸੜਕ ਹਾਦਸੇ ਦਾ ਖਤਰਾ ਪੈਦਾ ਹੋ ਜਾਂਦਾ ਹੈ।
ਇਸ ਤਰੀਕ ਤੱਕ ਲਾਗੂ ਰਹਿਣਗੇ ਹੁਕਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਪਾਬੰਦੀ ਦੇ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।