ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵਿਰੋਧ ਕਰਨ ਲਈ ਚੰਡੀਗੜ੍ਹ 'ਚ ਕਾਂਗਰਸ ਨੇ ਪ੍ਰਦਰਸ਼ਨ ਕੀਤਾ। ਕੁਝ ਦੂਰੀ ਤੋਂ ਬਾਅਦ ਪੁਲਸ ਨੇ ਬੈਰੀਕੇਡ ਲਾ ਕੇ ਵਿਰੋਧ ਪ੍ਰਦਰਸ਼ਨ ਬੰਦ ਕਰਵਾ ਦਿੱਤਾ। ਇਸ ਮਗਰੋਂ ਪੁਲਸ ਕਾਂਗਰਸੀ ਆਗੂਆਂ ਨੂੰ ਜ਼ਬਰਦਸਤੀ ਬੱਸ ਵਿੱਚ ਬਿਠਾ ਕੇ ਥਾਣੇ ਲੈ ਗਈ।
ਕਾਲੇ ਝੰਡਿਆਂ ਨਾਲ ਕਰਨਾ ਸੀ ਵਿਰੋਧ
ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਦੌਰੇ 'ਤੇ ਹਨ। ਉਨ੍ਹਾਂ ਦੀ ਫੇਰੀ ਦਾ ਵਿਰੋਧ ਕਰਨ ਲਈ ਕਾਂਗਰਸੀ ਆਗੂ ਕਾਲੇ ਕੱਪੜੇ ਪਾ ਕੇ ਕਾਲੇ ਝੰਡੇ ਦਿਖਾਉਣਾ ਚਾਹੁੰਦੇ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਪੁਲਸ ਨੇ ਕਾਂਗਰਸੀ ਆਗੂਆਂ ਦੇ ਪ੍ਰਦਰਸ਼ਨ ਨੂੰ ਅੱਗੇ ਵਧਣ ਤੋਂ ਪਹਿਲਾਂ ਹੀ ਰੋਕ ਦਿੱਤਾ।
ਸੰਸਦ ਦੀ ਸੁਰੱਖਿਆ 'ਚ ਹੋਈ ਕੁਤਾਹੀ 'ਤੇ ਬਿਆਨ ਨਾ ਦੇਣ 'ਤੇ ਨਾਰਾਜ਼
ਇਹ ਵਿਰੋਧ ਕਾਂਗਰਸ ਨੇਤਾਵਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਸਦ 'ਚ ਬਿਆਨ ਨਾ ਦੇਣ ਖਿਲਾਫ ਕੀਤਾ ਹੈ। ਕਾਂਗਰਸੀ ਨੇਤਾਵਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਨੂੰ ਸੰਸਦ ਦੀ ਸੁਰੱਖਿਆ 'ਚ ਹੋਈ ਕੁਤਾਹੀ ਤੋਂ ਬਾਅਦ ਸੰਸਦ 'ਚ ਆਪਣਾ ਬਿਆਨ ਦੇਣਾ ਚਾਹੀਦਾ ਸੀ ਕਿਉਂਕਿ ਸੁਰੱਖਿਆ ਵਿੱਚ ਢਿੱਲ ਦੀ ਸਾਰੀ ਜ਼ਿੰਮੇਵਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੈ।
ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਵੀ ਕੀਤਾ ਵਿਰੋਧ
ਵਿਰੋਧੀ ਪਾਰਟੀਆਂ ਨੇ ਸੰਸਦ ਤੋਂ ਵਿਰੋਧੀ ਧਿਰ ਦੇ 146 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਨੂੰ ਲੈ ਕੇ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਸੀ। ਇਸ ਸਬੰਧੀ ਸਥਾਨਕ ਕਾਂਗਰਸੀ ਆਗੂਆਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਤਾਨਾਸ਼ਾਹੀ ਢੰਗ ਨਾਲ ਚੱਲ ਰਹੀ ਹੈ। ਇਸ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ ਹੈ। ਇਸ ਲਈ ਲੋਕਤੰਤਰ ਨੂੰ ਬਚਾਉਣ ਲਈ ਉਨ੍ਹਾਂ ਨੂੰ ਇਹ ਪ੍ਰਦਰਸ਼ਨ ਕਰਨਾ ਪਿਆ।