ਜਲੰਧਰ 'ਚ ਅੱਜ ਪੰਜਵੇਂ ਦਿਨ ਵੀ ਟ੍ਰੈਫਿਕ ਪੁਲਸ ਨੇ ਰੇਹੜੀ-ਫੜ੍ਹੀ ਵਾਲਿਆਂ ਅਤੇ ਦੁਕਾਨਾਂ ਦੇ ਬਾਹਰ ਵਾਹਨ ਅਤੇ ਸਾਮਾਨ ਰੱਖਣ ਵਾਲਿਆਂ ਖਿਲਾਫ ਕਾਰਵਾਈ ਕੀਤੀ। ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਜਲੰਧਰ ਪ੍ਰਸ਼ਾਸਨ ਨੇ ਸ਼ਹਿਰ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਹੈ।
ਪੁਲਸ ਕਮਿਸ਼ਨਰ ਨੇ ਦਿੱਤੀਆਂ ਹਦਾਇਤਾਂ
ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਸੀਪੀ ਸਵਪਨ ਸ਼ਰਮਾ ਨੇ ਪੁਲਸ ਨੂੰ ਵਨ ਜ਼ੋਨ ਵਿੱਚ ਉਕਤ ਦੁਕਾਨਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਨ੍ਹਾਂ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਬਾਹਰ ਵਾਹਨ ਤੇ ਹੋਰ ਸਾਮਾਨ ਰੱਖਣ ਕਾਰਣ ਟਰੈਫ਼ਿਕ ਵਿੱਚ ਸਮੱਸਿਆ ਪੈਦਾ ਹੋ ਰਹੀ ਹੈ, ਉਨ੍ਹਾਂ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਹੈ। ਲਗਾਤਾਰ ਨੋਟਿਸ ਵੀ ਦਿੱਤੇ ਜਾ ਰਹੇ ਹਨ। ਇਸ ਦੌਰਾਨ ਦੁਕਾਨਦਾਰ ਅਧਿਕਾਰੀਆਂ ਨਾਲ ਉਲਝਦੇ ਹੋਏ ਵੀ ਦੇਖੇ ਗਏ।
ਜ਼ੋਨ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਅੱਜ ਭਗਵਾਨ ਸ਼੍ਰੀ ਵਾਲਮੀਕਿ ਚੌਂਕ ਤੋਂ ਲੈ ਕੇ ਬਸਤੀ ਅੱਡਾ ਚੌਂਕ ਤੱਕ ਫੁੱਟਪਾਥ 'ਤੇ ਲੋਕ ਸਾਮਾਨ ਵੇਚ ਰਹੇ ਹਨ, ਜਿਸ ਕਾਰਨ ਟ੍ਰੈਫਿਕ ਜਾਮ ਰਹਿੰਦਾ ਹੈ ਅਤੇ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਇਕ ਵਾਰ ਫਿਰ ਫੁਟਪਾਥ 'ਤੇ ਆਪਣਾ ਸਾਮਾਨ ਨਾ ਰੱਖਣ ਦੀ ਚਿਤਾਵਨੀ ਦਿੱਤੀ ਗਈ ਹੈ।
ਜ਼ੋਨ ਇੰਚਾਰਜ ਸਤਨਾਮ ਸਿੰਘ ਨੇ ਕਿਹਾ ਕਿ ਜੇਕਰ ਵਾਰ-ਵਾਰ ਬੇਨਤੀ ਕਰਨ 'ਤੇ ਵੀ ਨਿਯਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।