ਖ਼ਬਰਿਸਤਾਨ ਨੈੱਟਵਰਕ : ਜਲੰਧਰ ਪ੍ਰਸ਼ਾਸਨ ਨੇ ਅਣਅਧਿਕਾਰਤ ਇਮੀਗ੍ਰੇਸ਼ਨ ਸੈਂਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ 50 ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਪ੍ਰਸ਼ਾਸਨ ਵੱਲੋਂ ਇਨ੍ਹਾਂ ਇਮੀਗ੍ਰੇਸ਼ਨ ਕੇਂਦਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਜਦੋਂ ਇਮੀਗ੍ਰੇਸ਼ਨ ਸੌੈਂਟਰਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ।
ਲੋਕਾਂ ਨੂੰ ਮਿਲਣ ਜਾਇਜ਼ ਅਤੇ ਪਾਰਦਰਸ਼ੀ ਸੇਵਾਵਾਂ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜਲੰਧਰ ਪ੍ਰਸ਼ਾਸਨ ਸਾਰੀਆਂ ਇਮੀਗ੍ਰੇਸ਼ਨ ਫਰਮਾਂ 'ਤੇ ਨਿਰੰਤਰ ਨਜ਼ਰ ਰੱਖਦਾ ਹੈ ਅਤੇ ਬਿਨਾਂ ਲਾਇਸੈਂਸ ਦੇ ਕਾਰੋਬਾਰ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਦਾ ਹੈ। ਇਸ ਕਦਮ ਦਾ ਉਦੇਸ਼ ਇਮੀਗ੍ਰੇਸ਼ਨ ਖੇਤਰ ਵਿੱਚ ਧੋਖਾਧੜੀ ਨੂੰ ਰੋਕਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਜਾਇਜ਼ ਅਤੇ ਪਾਰਦਰਸ਼ੀ ਸੇਵਾਵਾਂ ਮਿਲਣ।
ਹੈਲਪਲਾਈਨ ਨੰਬਰ ਜਾਰੀ
ਉਨ੍ਹਾਂ ਨੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਕਿ ਉਹ ਹਮੇਸ਼ਾ ਲੀਗਲ ਇਮੀਗ੍ਰੇਸ਼ਨ ਦਾ ਰਸਤਾ ਚੁਣਨ। ਉਨ੍ਹਾਂ ਨੇ ਉਨ੍ਹਾਂ ਨੂੰ ਸਿਰਫ਼ ਰਜਿਸਟਰਡ ਇਮੀਗ੍ਰੇਸ਼ਨ ਸੈਂਟਰਾਂ ਨਾਲ ਹੀ ਸੰਪਰਕ ਕਰਨ ਦੀ ਸਲਾਹ ਦਿੱਤੀ, ਜਿਨ੍ਹਾਂ ਦੀ ਸੂਚੀ ਵੈੱਬਸਾਈਟਾਂ www.jalandhar.nic.in ਅਤੇ www.emigrate.gov.in 'ਤੇ ਉਪਲਬਧ ਹੈ। ਲੋਕਾਂ ਲਈ ਇੱਕ ਹੈਲਪਲਾਈਨ ਨੰਬਰ 95306-41790 ਵੀ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਜਲੰਧਰ ਨੇ ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਕਰਨ ਵਾਲਿਆਂ ਲਈ ਪ੍ਰੀ-ਡਿਪਾਰਚਰ ਓਰੀਐਂਟੇਸ਼ਨ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਵਧੇਰੇ ਜਾਣਕਾਰੀ ਲਈ http://pdot.mea.gov.in 'ਤੇ ਜਾ ਸਕਦੇ ਹਨ। ਰਜਿਸਟ੍ਰੇਸ਼ਨ ਲਈ, ਉਹ ਬਿਊਰੋ ਦੀ ਹੈਲਪਲਾਈਨ 90569-20100 'ਤੇ ਸੰਪਰਕ ਕਰ ਸਕਦੇ ਹਨ ਜਾਂ ਕੰਮਕਾਜੀ ਦਿਨਾਂ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਬਿਊਰੋ ਦਫ਼ਤਰ ਜਾ ਸਕਦੇ ਹਨ।