ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਸਕੂਲੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ‘ਸੇਫ਼ ਸਕੂਲ ਵਾਹਨ’ ਨੀਤੀ ਦੀ ਸਖ਼ਤੀ ਨਾਲ ਪਾਲਣਾ ਕਰਨ। ਇਸ ਦੇ ਨਾਲ ਹੀ ਕਿਹਾ ਗਿਆ ਕਿ ਮਈ ਤੱਕ ਸਕੂਲੀ ਵਾਹਨਾਂ ਨੂੰ ‘ਸੇਫ ਸਕੂਲ ਵਹੀਕਲ’ ਨੀਤੀ ਦੇ ਮਾਪਦੰਡਾਂ ਅਨੁਸਾਰ ਬਣਾਇਆ ਜਾਵੇ।
ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ‘ਸੇਫ਼ ਸਕੂਲ ਵਹੀਕਲ’ ਨੀਤੀ ਦੇ ਨਿਯਮਾਂ ਅਨੁਸਾਰ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਚਾਲੂ ਹੋਣੇ ਚਾਹੀਦੇ ਹਨ। ਵਾਹਨਾਂ ਵਿੱਚ ਅੱਗ ਬੁਝਾਊ ਯੰਤਰ, ਸਟਾਫ਼ ਦੀਆਂ ਵਰਦੀਆਂ, ਪ੍ਰਦੂਸ਼ਣ ਕੰਟਰੋਲ, ਫਾਇਰ ਸਟੇਸ਼ਨਾਂ ਅਤੇ ਪੁਲਿਸ ਆਦਿ ਦੇ ਫ਼ੋਨ ਨੰਬਰ ਹੋਣੇ ਚਾਹੀਦੇ ਹਨ, ਸਕੂਲੀ ਵਾਹਨਾਂ ਵਿੱਚ ਸਪੀਡ ਗਵਰਨਰ ਹੋਣਾ ਚਾਹੀਦਾ ਹੈ, ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਵਿਦਿਆਰਥਣਾਂ ਕੋਲ ਮਹਿਲਾ ਅਟੈਂਡੈਂਟ ਹੋਣੀ ਚਾਹੀਦੀ ਹੈ, ਫਸਟ ਏਡ ਕਿੱਟਾਂ ਹੋਣੀਆਂ ਚਾਹੀਦੀਆਂ ਹਨ ਤੇ ਬੱਸਾਂ ਵਿੱਚ ਓਵਰਲੋਡਿੰਗ ਨਹੀਂ ਹੋਣੀ ਚਾਹੀਦੀ ਹੈ।
ਹਿਮਾਂਸ਼ੂ ਅਗਰਵਾਲ ਨੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਸਕੂਲਾਂ ਵਿੱਚ ਨੀਤੀਗਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਸਕੂਲੀ ਵਾਹਨਾਂ ਵਿੱਚ ਕੋਈ ਕਮੀ ਹੈ ਤਾਂ ਉਸ ਨੂੰ 10 ਮਈ ਤੱਕ ਠੀਕ ਕੀਤਾ ਜਾਵੇ। ਜੇਕਰ ਸਕੂਲਾਂ ਨੇ ਨਿਰਧਾਰਤ ਸਮੇਂ ਅੰਦਰ ਨਿਯਮਾਂ ਦੀ ਪਾਲਣਾ ਯਕੀਨੀ ਨਾ ਬਣਾਈ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਅਮਿਤ ਮਹਾਜਨ, ਆਰਟੀਏ ਅਮਨਪ੍ਰੀਤ ਸਿੰਘ ਵੀ ਹਾਜ਼ਰ ਸਨ।