15 ਅਗਸਤ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦੌਰਾਨ ਡੀ ਸੀ ਡਾ: ਹਿਮਾਂਸ਼ੂ ਅਗਰਵਾਲ ਨੇ ਆਜ਼ਾਦੀ ਦਿਵਸ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਸਮੇਂ ਸਿਰ ਕੰਮ ਨੇਪਰੇ ਚਾੜ੍ਹਨ ਦੇ ਦਿੱਤੇ ਨਿਰਦੇਸ਼
ਡੀਸੀ ਡਾ: ਹਿਮਾਂਸ਼ੂ ਅਗਰਵਾਲ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਤੇ ਅਧਿਕਾਰੀਆਂ ਨੂੰ ਕੰਮ ਜਲਦੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਅਸੀਂ ਅਧਿਕਾਰੀਆਂ ਨੂੰ ਨਿੱਜੀ ਤੌਰ 'ਤੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸਮੁੱਚੇ ਸਮਾਗਮ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਕੰਮ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡੀਸੀ ਨੇ ਸੁਰੱਖਿਆ, ਪਾਰਕਿੰਗ, ਸਟੇਡੀਅਮ ਦੀ ਸਫਾਈ, ਸਜਾਵਟ, ਬੈਠਣ ਦੇ ਪ੍ਰਬੰਧ ਆਦਿ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਉਨ੍ਹਾਂ ਪਰੇਡ, ਪੀ.ਟੀ.ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਵੀ ਜਾਇਜ਼ਾ ਲਿਆ ਅਤੇ ਲੋੜੀਂਦੀਆਂ ਤਬਦੀਲੀਆਂ ਸਬੰਧੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।
ਇਹ ਅਧਿਕਾਰੀ ਮੀਟਿੰਗ ਵਿੱਚ ਰਹੇ ਹਾਜ਼ਰ
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ: ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਖਵਿੰਦਰ ਸਿੰਘ, ਐਸ.ਡੀ.ਐਮ. ਜੈ ਇੰਦਰ ਸਿੰਘ, ਐੱਸ.ਡੀ.ਐੱਮ. ਬਲਬੀਰ ਰਾਜ ਸਿੰਘ, ਸਿਵਲ ਸਰਜਨ ਡਾ.ਜਗਦੀਪ ਚਾਵਲਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸੁਰੱਖਿਆ ਬਲ ਕਰੇਗਾ ਮਾਰਚ ਪਾਸਟ
ਦੱਸ ਦੇਈਏ ਕਿ ਆਜ਼ਾਦੀ ਦਿਵਸ ਮੌਕੇ ਸੁਰੱਖਿਆ ਬਲਾਂ ਦੀਆਂ ਵੱਖ-ਵੱਖ ਟੁਕੜੀਆਂ ਮਾਰਚ ਪਾਸਟ ਕਰਨਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਦੇਸ਼ ਭਗਤੀ ਦੀ ਭਾਵਨਾ ਨਾਲ ਪੀ.ਟੀ.ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਇਸ ਦੌਰਾਨ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀ ਝਾਕੀ ਵੀ ਪੇਸ਼ ਕੀਤੀ ਜਾਵੇਗੀ। ਫੁਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ।