ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਕਪਿਲ ਸਿੱਬਲ ਪੇਸ਼ ਹੋਏ। ਉਨ੍ਹਾਂ ਸੁਣਵਾਈ ਦੌਰਾਨ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ।
ਅਗਲੀ ਸੁਣਵਾਈ 10 ਜਨਵਰੀ ਨੂੰ
ਕਪਿਲ ਸਿੱਬਲ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਅਸੀਂ ਅੰਦੋਲਨਕਾਰੀ ਕਿਸਾਨਾਂ ਨੂੰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਮਿਲਣ ਲਈ ਮਨਾ ਲਿਆ ਹੈ। ਉਮੀਦ ਹੈ ਕਿ ਇਸ ਮੀਟਿੰਗ ਤੋਂ ਕੁਝ ਸਕਾਰਾਤਮਕ ਗੱਲਾਂ ਸਾਹਮਣੇ ਆਉਣਗੀਆਂ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ।
ਡੱਲੇਵਾਲ ਨੇ ਕੇਂਦਰ ਨਾਲ ਗੱਲ ਕਰਨ ਦਾ ਫੈਸਲਾ ਕੀਤਾ ਸੀ
ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਵਫ਼ਦ 4 ਨਵੰਬਰ 2024 ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ ਪਰ ਕਮੇਟੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਦਾ ਦੌਰਾ ਕਰਨ ਦਾ ਸਮਾਂ ਨਹੀਂ ਮਿਲਿਆ। ਕੀ ਉਹ ਮੇਰੀ ਮੌਤ ਦੀ ਉਡੀਕ ਕਰ ਰਹੇ ਸਨ? ਜਿਸ ਤੋਂ ਬਾਅਦ ਉਨ੍ਹਾਂ ਨੇ ਕਮੇਟੀ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਤੇ ਕੇਂਦਰ ਸਰਕਾਰ ਨਾਲ ਹੀ ਗੱਲ ਕਰਨ ਦਾ ਫੈਸਲਾ ਕੀਤਾ ਸੀ।
ਡੱਲੇਵਾਲ 42 ਦਿਨਾਂ ਤੋਂ ਮਰਨ ਵਰਤ 'ਤੇ
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 42 ਦਿਨਾਂ ਤੋਂ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਹਨ। ਜਗਜੀਤ ਡੱਲੇਵਾਲ ਨੂੰ ਹਸਪਤਾਲ 'ਚ ਦਾਖਲ ਨਾ ਕਰਨ 'ਤੇ ਪੰਜਾਬ ਸਰਕਾਰ ਖਿਲਾਫ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਹੈ। 2 ਜਨਵਰੀ ਨੂੰ ਹੋਈ ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਦੋਵਾਂ ਮਾਮਲਿਆਂ ਨੂੰ ਇਕੱਠੇ ਰੱਖਣ ਲਈ ਕਿਹਾ ਸੀ।