ਐਤਵਾਰ, ੨੩ ਭਾਦੋਂ (ਸੰਮਤ ੫੫੭ ਨਾਨਕਸ਼ਾਹੀ)
ਬਿਲਾਵਲੁ ਮਹਲਾ ੩ ॥
ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥੩॥ ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥ ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥
( ਵਿਆਖਿਆ )
ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ । ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ ।੧। ਹੇ ਜਗਤ ਦੇ ਮਾਲਕ-ਪ੍ਰਭੂ! (ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ । (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ, ਉਸ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤਿ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ) । ਹੇ ਭਾਈ! ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ, ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ ।੨। ਹੇ ਭਾਈ! (ਹਰੇਕ ਮਨੁੱਖ ਦੇ) ਹਿਰਦੇ-ਘਰ ਵਿਚ ਸਾਰੇ (ਸੁਖਾਂ ਦੇ) ਖ਼ਜ਼ਾਨਿਆਂ ਦੇ (ਕੋਟਾਂ ਦੇ) ਕੋਟ ਮੌਜੂਦ ਹਨ । ਜਿਸ ਮਨੁੱਖ ਨੂੰ ਗੁਰੂ ਨੇ (ਇਹ ਕੋਟ) ਵਿਖਾ ਦਿੱਤੇ, ਉਸ ਦੇ ਅੰਦਰੋਂ ਅਹੰਕਾਰ ਦੂਰ ਹੋ ਗਿਆ । ਉਹ ਮਨੁੱਖ ਸਦਾ ਹੀ ਆਤਮਕ ਅਡੋਲਤਾ ਵਿਚ ਸੁਰਤਿ ਜੋੜੀ ਰੱਖਦਾ ਹੈ । ਉਹ ਮਨੁੱਖ ਹਰ ਵੇਲੇ ਇਕੋ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ।੩। ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਪਾਸੋਂ (ਸਿੱਖਿਆ ਲੈ ਕੇ) ਪ੍ਰਭੂ ਦਾ ਨਾਮ ਸਿਮਰਦਾ ਹੈ, ਉਹ ਇਸ ਜਗਤ ਵਿਚ ਇੱਜ਼ਤ ਪ੍ਰਾਪਤ ਕਰਦਾ ਹੈ । ਹੇ ਭਾਈ! ਮੈਂ ਤਾਂ ਜਿੱਧਰ ਵੇਖਦਾ ਹਾਂ, ਉਧਰ ਹੀ ਉਹ ਪਰਮਾਤਮਾ ਮੌਜੂਦ ਦਿੱਸਦਾ ਹੈ । ਉਹ ਸਦਾ ਹੀ (ਸਭਨਾਂ ਨੂੰ) ਸੁਖ ਦੇਣ ਵਾਲਾ ਹੈ । ਪਰ ਉਹ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ ।੪। ਹੇ ਭਾਈ! ਜਿਸ ਮਨੁੱਖ ਨੇ ਪੂਰੀ ਕਿਸਮਤ ਨਾਲ ਪੂਰਾ ਗੁਰੂ ਲੱਭ ਲਿਆ, ਗੁਰੂ ਨੇ ਉਸ ਨੂੰ ਉਸ ਦੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਾਮ-ਖ਼ਜ਼ਾਨਾ ਵਿਖਾਲ ਦਿੱਤਾ । ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਬਹੁਤ ਪਿਆਰਾ ਲੱਗਣ ਲੱਗ ਪਿਆ, ਉਸ ਦੇ ਅੰਦਰੋਂ ਮਾਇਆ ਦੀ ਤ੍ਰੇਹ ਬੁੱਝ ਗਈ । ਉਸ ਨੂੰ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਆਨੰਦ ਹੀ ਆਨੰਦ ਹਾਸਲ ਹੋ ਗਿਆ ।੫।੬।੧੦।